
ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ ਜਨਤਕ ਸ਼ਿਕਾਇਤ ਨਿਵਾਰਨ ਨੀਤੀ ਨੂੰ ਇਕ ਛੱਤ ਹੇਠ ਲਿਆਉਣ ਦੀ ਪ੍ਰਵਾਨਗੀ
ਚੰਡੀਗੜ੍ਹ, 22 ਜੂਨ (ਸਸਸ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੋਮਵਾਰ ਨੂੰ ਗਲਵਾਨ ਘਾਟੀ ਦੇ 20 ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਭਾਰਤੀ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦੇ ਦਿਤੀ। ਕੈਬਨਿਟ ਦੇ ਸਮੂਹ ਮੈਂਬਰਾਂ ਨੇ 15 ਜੂਨ ਨੂੰ ਲੱਦਾਖ ਵਿਖੇ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਸ਼ੋਕ ਮਤਾ ਪਾਉਣ ਤੋਂ ਪਹਿਲਾਂ ਦੋ ਮਿੰਟ ਖੜ੍ਹੇ ਹੋ ਕੇ ਮੌਨ ਰੱਖਿਆ।
ਚੰਡੀਗੜ੍ਹ, 22 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕੋਰੋਨਾ ਟੈਸਟਾਂ ਦੀ ਰਫ਼ਤਾਰ ਤੇਜ਼ ਕਰਨ ਤੇ ਰੀਪੋਰਟ 12 ਘੰਟੇ ਵਿਚ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਤਾਲਾਬੰਦੀ ਤੇ ਲਾਕਆਊਟ ਦੇ ਅਗਲੇ ਕਦਮਾਂ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਪਰ ਖ਼ਤਰੇ ਦੇ ਮੱਦੇਨਜ਼ਰ ਸਾਰੇ ਮੰਤਰੀ ਸਖ਼ਤ ਕਦਮ ਚੁਕਣ ਲਈ ਸਹਿਮਤ ਹਨ। 30 ਜੂਨ ਤੋਂ ਪਹਿਲਾਂ ਹੋਰ ਮੀਟਿੰਗ ਕਰ ਕੇ ਸਥਿਤੀ ਦੇ ਮੱਦੇਨਜ਼ਰ ਫ਼ੈਸਲਾ ਲਿਆ ਜਾਵੇਗਾ।
ਵਿਆਪਕ ਜਨਤਕ ਸ਼ਿਕਾਇਤ ਨਿਵਾਰਨ ਨੀਤੀ : ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੇ ਨਿਰਮਾਣ ਅਤੇ ਪ੍ਰਬੰਧਨ ਲਈ ਰਾਹ ਪੱਧਰਾ ਕਰਦਿਆਂ ਇਕ ਵਿਆਪਕ ਜਨਤਕ ਸ਼ਿਕਾਇਤ ਨਿਵਾਰਣ ਨੀਤੀ ਨੂੰ ਪ੍ਰਵਾਨਗੀ ਦੇ ਦਿਤੀ ਹੈ। ਚਾਰ ਨਵੀਆਂ ਟੈਸਟ ਲੈਬਾਰਟਰੀਆਂ ਦੀ ਪ੍ਰਵਾਨਗੀ: ਕੋਵਿਡ ਵਿਰੁਧ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਰ ਨਵੀਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਅਤੇ ਇਨ੍ਹਾਂ ਲੈਬਾਂ ਲਈ 131 ਲੋੜੀਂਦੇ ਸਟਾਫ਼ ਦੀ ਪਹਿਲ ਦੇ ਆਧਾਰ ’ਤੇ ਨਿਯੁਕਤੀ ਕਰਨ ਦਾ ਫ਼ੈਸਲਾ ਕੀਤਾ ਹੈ।
ਇਸੇ ਦੌਰਾਨ ਮੰਤਰੀ ਮੰਡਲ ਨੇ ਇਨ੍ਹਾਂ ਚਾਰ ਵਾਇਰਲ ਟੈਸਟਿੰਗ ਲੈਬਾਰਟਰੀਆਂ ਵਿਚ ਸਹਾਇਕ ਪ੍ਰੋਫ਼ੈਸਰ (ਮਾਇਕ੍ਰੋਬਾਇਉਲੌਜੀ) ਦੀਆਂ ਚਾਰ ਅਸਾਮੀਆਂ ਸਿਰਜਣ ਅਤੇ ਭਰਨ ਲਈ ਮੈਡੀਕਲ ਸਿਖਿਆ ਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿਤੀ ਹੈ। ਯਕਮੁਸ਼ਤ ਨਿਪਟਾਰਾ ਨੀਤੀ-2018 ਦੀ ਮਿਆਦ ਵਧੇਗੀ: ਕੋਵਿਡ-19 ਦੀ ਮਹਾਂਮਾਰੀ ਦੌਰਾਨ ਉੱਦਮੀਆਂ ਨੂੰ ਹੋਰ ਰਾਹਤ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਅਤੇ ਪੰਜਾਬ ਵਿੱਤ ਨਿਗਮ (ਪੀ.ਐਫ.ਸੀ.) ਪ੍ਰਤੀ ਉਨ੍ਹਾਂ ਦੇ ਬਕਾਏ ਨੂੰ ਨਿਪਟਾਉਣ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਵਿੱਚ 31 ਦਸੰਬਰ, 2020 ਤੱਕ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਕੈਬਨਿਟ ਵਲੋਂ ਲਏ ਗਏ ਹੋਰ ਫ਼ੈਸਲੇ: ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਕਮਿਸ਼ਨ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦੇ ਯੋਗ ਬਣਾਉਣ ਲਈ ਕੈਬਿਨਟ ਨੇ ਅੱਜ ਕਮਿਸ਼ਨ ਨੂੰ ਪ੍ਰਬੰਧਕੀ, ਤਕਨੀਕੀ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਦਿਆਂ ਕਮਿਸ਼ਨ ਲਈ 12 ਅਸਾਮੀਆਂ ਮਨਜ਼ੂਰ ਕਰ ਦਿੱਤੀਆਂ।
ਵੈਟਰਨਰੀ ਕਾਲਜ ਰਾਮਪੁਰਾ ਫੂਲ ਲਈ ਰੈਗੂਲਰ ਸਟਾਫ ਦੀ ਭਰਤੀ ਨੂੰ ਪ੍ਰਵਾਨਗੀ:
ਮੰਤਰੀ ਮੰਡਲ ਨੇ ਇਕ ਹੋਰ ਫੈਸਲੇ ਵਿੱਚ ਵੈਟਰਨਰੀ ਕਾਲਜ ਰਾਮਪੁਰਾ ਫੂਲ ਨੂੰ ਵੈਟਰਨਰੀ ਕੌਂਸਲ ਆਫ ਇੰਡੀਆ(ਵੀ.ਸੀ.ਆਈ.) ਦੇ ਨਿਯਮਾਂ ਅਨੁਸਾਰ ਪੂਰਾ ਸਟਾਫ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਇਹ ਕਾਲਜ ਹੋਰ ਵਧੀਆ ਤਰੀਕੇ ਨਾਲ ਕੰਮਕਾਜ ਕਰ ਸਕੇਗਾ।
ਜਲੰਧਰ ਵਿੱਚ ਕੈਮੀਕਲ ਲੈਬ ਸਥਾਪਤ ਕਰਨ ਨੂੰ ਮਨਜ਼ੂਰੀ:
ਖਰੜ ਦੀ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ ਵਿੱਚ ਵਿਸਰਾ, ਬਲੱਡ ਅਲਕੋਹਲ ਤੇ ਐਕਸਾਈਜ਼ ਦੇ ਸੈਂਪਲਾਂ ਦੇ ਲੰਬਿਤ ਮਾਮਲਿਆਂ ਨੂੰ ਘਟਾਉਣ ਲਈ ਮੰਤਰੀ ਮੰਡਲ ਨੇ ਅੱਜ ਜਲੰਧਰ ਵਿਖੇ ਨਵੀਂ ਕੈਮੀਕਲ ਲੈਬਾਰਟਰੀ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿਤੀ।
ਪੰਜਾਬ ਪੁਲੀਸ ਜਾਂਚ ਕੇਡਰ ਸੁਬਾਰਡੀਨੇਟ ਰੈਂਕਾਂ ਦੇ ਨਿਯਮਾਂ ਨੂੰ ਪ੍ਰਵਾਨਗੀ: ਪੰਜਾਬ ਮੰਤਰੀ ਮੰਡਲ ਵੱਲੋਂ ਜਾਂਚ ਬਿਊਰੋ ਕੇਡਰ ਦੇ ਸੁਬਾਰਡੀਨੇਟ ਰੈਂਕਾਂ (ਸਿਪਾਹੀ ਤੋਂ ਇੰਸਪੈਕਟਰਾਂ ਤੱਕ) ਦੀ ਭਰਤੀ/ਨਿਯੁਕਤੀਆਂ ਅਤੇ ਸੇਵਾ ਸ਼ਰਤਾਂ ਦੇ ਪ੍ਰਸ਼ਾਸਕੀ ਪ੍ਰਬੰਧਨ ਲਈ ਪੰਜਾਬ ਪੁਲੀਸ ਜਾਂਚ ਕੇਡਰ ਸੁਬਾਰਡੀਨੇਟ ਰੈਂਕਾਂ ( ਨਿਯੁਕਤੀ ਅਤੇ ਸਰਵਿਸ ਸੇਵਾ ਸ਼ਰਤਾਂ) ਨਿਯਮਾਂ 2020 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ।
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਲਈ ਗਰਾਂਟਾਂ ਨੂੰ ਪ੍ਰਵਾਨਗੀ: ਕੈਬਨਿਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਲੜੀ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤਰੀ ਕੈਂਪਸ, ਫੱਤੂ ਢੀਂਗਰਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਕਾਂਸਟੀਚਿਊਟ ਕਾਲਜ ਵਜੋਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਵਿਖੇ ਤਬਦੀਲ ਕਰਨ ਨੂੰ ਪ੍ਰਵਾਨਗੀ ਦੇ ਦਿਤੀ ਗਈ ਹੈ।