
ਪੰਜਾਬ ਕੇਸਰੀ ਦੇ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ
Punjab News : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਰੋਜ਼ਾਨਾ ਹਿੰਦੀ ਅਖ਼ਬਾਰ ਪੰਜਾਬ ਕੇਸਰੀ ਦੇ ਰੈਜ਼ੀਡੈੰਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ ਹੈ।
ਖੇਮ ਰਾਜ ਚੌਧਰੀ (81) ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਖੇਮ ਰਾਜ ਚੌਧਰੀ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿਚ ਹਿੱਸਾ ਲਿਆ ਸੀ।
ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ ਦਿੰਦਾ ਹੈ।
ਖੇਮ ਰਾਜ ਚੌਧਰੀ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ 24 ਜੂਨ (ਸੋਮਵਾਰ) ਨੂੰ ਐਸ.ਏ.ਐਸ.ਨਗਰ (ਮੋਹਾਲੀ) ਦੇ ਇੰਡਸਟਰੀਅਲ ਏਰੀਆ, ਫ਼ੇਜ਼-7 ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।