
ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਸਬੂਤ ਹਨ ਤਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਨੇ ਵੀ ਪੰਜਾਬ ਨੂੰ ਲੁੱਟਿਆ ਹੈ, ਉਸ ਤੋਂ ਹਿਸਾਬ ਲਿਆ ਜਾਵੇਗਾ। ਇਹ ਗ੍ਰਿਫ਼ਤਾਰੀਆਂ ਉਸੇ ਕੜੀ ਦਾ ਹਿੱਸਾ ਹਨ। ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਸਬੂਤ ਹਨ ਤਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਅਸੀਂ ਕੋਈ ਸਿਆਸੀ ਬਦਲਾਖ਼ੋਰੀ ਨਹੀਂ ਕਰ ਰਹੇ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰ ਦੇ ਘੁਟਾਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਐਫਆਈਆਰ ਦਰਜ ਕੀਤੀ ਹੋਈ ਸੀ।