
ਪੰਜਾਬ ਭਰ 'ਚ ਧਰਨੇ-ਪ੍ਰਦਰਸ਼ਨਾਂ ਦਾ ਦੌਰ ਸ਼ੁਰੂ
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨ ਖਿਲਾਫ਼ ਪੂਰਾ ਪੰਜਾਬ ਸੜਕਾਂ 'ਤੇ ਉਤਰ ਆਇਆ ਹੈ। ਇਕਾ-ਦੁਕਾ ਨੂੰ ਛੱਡ ਕੇ ਬਾਕੀ ਸਾਰੀਆਂ ਧਾਰਮਿਕ, ਸਮਾਜਿਕ ਅਤੇ ਸਿਆਸੀ ਧਿਰਾਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ ਗਈਆਂ ਹਨ। ਫ਼ਿਲਮੀ ਸਿਤਾਰਿਆਂ ਤੋਂ ਇਲਾਵਾ ਗਾਇਕਾਂ ਤੇ ਕਲਾਕਾਰਾਂ ਵਲੋਂ ਵੀ ਕਿਸਾਨਾਂ ਨੂੰ ਸੰਘਰਸ਼ 'ਚ ਸਾਥ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸੋਸ਼ਲ ਮੀਡੀਆ ਅਤੇ ਮੀਡੀਆ ਜ਼ਰੀਏ ਸੁਨੇਹਿਆਂ ਦਾ ਅਦਾਨ-ਪ੍ਰਦਾਨ ਜਾਰੀ ਹੈ।
Farmers Protest
ਕਿਸਾਨ ਜਥੇਬੰਦੀਆਂ ਵਲੋਂ ਭਲਕੇ ਰੋਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਅਗਲੇ ਦਿਨ ਯਾਨੀ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਸੰਘਰਸ਼ ਦੇ ਚਰਮ-ਸੀਮਾਂ 'ਤੇ ਪਹੁੰਚਣ ਦੀਆਂ ਖ਼ਬਰਾਂ ਆ ਰਹੀਆਂ ਹਨ। ਪਿਛਲੇ ਕਾਫ਼ੀ ਸਮੇਂ ਤੋਂ ਵਿਰਾਮ ਅਵਸਥਾ 'ਚ ਚਲੇ ਆ ਰਹੇ ਕਾਂਗਰਸ ਦੇ ਦਿਗਜ਼ ਆਗੂ ਨਵਜੋਤ ਸਿੰਘ ਸਿੱਧੂ ਨੇ ਵੀ ਕਿਸਾਨਾਂ ਦੇ ਹੱਕ 'ਚ ਜ਼ੋਰਦਾਰ ਵਾਪਸੀ ਕੀਤੀ ਹੈ।
Farmers Protest
ਉਨ੍ਹਾਂ ਨੇ ਬੀਤੇ ਕੱਲ੍ਹ ਵੀਡੀਓ ਸੰਦੇਸ਼ ਜ਼ਰੀਏ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕਰਦਿਆਂ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧੇ ਸਨ। ਬੁੱਧਵਾਰ ਨੂੰ ਸਿੱਧੂ ਨੇ ਭੰਡਾਰੀ ਪੁਲ ਤੋਂ ਅੰਮ੍ਰਿਤਸਰ ਦੇ ਹਾਲ ਗੇਟ ਤਕ ਕੱਢੇ ਗਏ ਰੋਸ ਮਾਰਚ 'ਚ ਹਿੱਸਾ ਲਿਆ ਜਿੱਥੇ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ।
Farmers Protest
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਵੀ ਅੱਜ ਖੇਤੀ ਬਿੱਲਾਂ ਦੇ ਵਿਰੋਧ 'ਚ ਗੁਰਦਾਸਪੁਰ ਦੇ ਪਿੰਡ ਸੇਖਵਾਂ ਤੋਂ ਇਕ ਵਿਸ਼ਾਲ ਰੋਸ ਮਾਰਚ ਕੱਢਿਆ। ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੀ ਅਗਵਾਈ 'ਚ ਕੱਢਿਆ ਗਿਆ ਇਹ ਰੋਸ ਮਾਰਚ ਪੂਰਾ ਦਿਨ ਜ਼ਿਲ੍ਹੇ ਦੇ ਪਿੰਡਾਂ, ਕਸਬਿਆਂ 'ਚੋਂ ਹੁੰਦਾ ਹੋਇਆ ਗੁਰਦਾਸਪੁਰ ਦੇ ਡੀ.ਸੀ. ਦਫ਼ਤਰ ਜਾ ਕੇ ਖ਼ਤਮ ਹੋਵੇਗਾ।
Farmers Protest
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਵੀ ਅੱਜ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿਚ ਕਿਸਾਨਾਂ ਦੇ ਹੱਕਾਂ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਜੰਮ ਕੇ ਭੜਾਸ ਕੱਢੀ। ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਰਨਾਟਕ ਸਰਕਾਰ ਨੇ ਪਾਣੀ ਦੇ ਮੁੱਦੇ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿਤਾ ਸੀ। ਇਸੇ ਤਰ੍ਹਾਂ ਪੰਜਾਬ ਸਰਕਾਰ ਵੀ ਵਿਧਾਨ ਸਭਾ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਇਸ ਬਿੱਲ ਦੇ ਖ਼ਿਲਾਫ਼ ਬਿੱਲ ਲਿਆਉਣ ਅਤੇ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਇਸ ਬਿੱਲ ਨੂੰ ਰੱਦ ਕਰਨ ਲਈ ਕਦਮ ਚੁੱਕਣ।
kisan protest
ਇਸ ਤੋਂ ਇਲਾਵਾ ਬੈਂਸ ਭਰਾਵਾਂ ਸਮੇਤ ਬਾਕੀ ਧਿਰਾਂ ਵੀ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦੇ ਹੱਕ 'ਚ ਸੜਕਾਂ 'ਤੇ ਉਤਰ ਆਈਆਂ ਹਨ। ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਦੇਸ਼ ਵੱਖ ਵੱਖ ਹਿੱਸਿਆਂ 'ਚ ਖੇਤੀ ਕਾਨੂੰਨਾਂ ਖਿਲਾਫ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿਸ 'ਚ ਪੰਜਾਬ ਸਰਕਾਰ ਦੇ ਅਗਲੇ ਕਦਮਾਂ ਬਾਰੇ ਵਿਚਾਰ ਵਟਾਂਦਰਾ ਹੋਣ ਦੀ ਉਮੀਦ ਹੈ। ਕਿਸਾਨ ਜਥੇਬੰਦੀਆਂ ਸਮੇਤ ਬਾਕੀ ਧਿਰਾਂ ਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਆਉਂਦੇ ਦਿਨਾਂ ਦੌਰਾਨ ਖੇਤੀ ਕਾਨੂੰਨ ਖਿਲਾਫ਼ ਸੰਘਰਸ਼ ਦੇ ਹੋਰ ਤੇਜ਼ ਹੋਣ ਦੇ ਅਸਾਰ ਹਨ।