
ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ
ਚੰਡੀਗੜ੍ਹ: ਖੇਤੀ ਬਿਲਾਂ ਦਾ ਵਿਰੋਧ ਕਰ ਰਹੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਕ ਮੀਟਿੰਗ ਕੀਤੀ ਗਈ। ਆਗੂਆਂ ਨੇ ਇਸ ਮੀਟਿੰਗ ਵਿਚ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪਾਸ ਕੀਤੇ ਖੇਤੀ ਬਿਲ ਵਾਪਸ ਨਾ ਲਏ ਤਾਂ ਉਹ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
Farmers Protest
ਮੀਟਿੰਗ ਦੌਰਾਨ ਕਿਸਾਨ ਸੰਗਠਨਾਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਵਿਚ ਰੇਲ ਆਵਾਜਾਈ ਬੰਦ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੀਟਿੰਗ ਵਿਚ 25 ਸਤੰਬਰ ਨੂੰ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ।
Farmers Protest
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਪਾਸ ਬਿਲਾਂ ਨੂੰ ਲਾਗੂ ਨਾ ਕਰਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ ਭਾਜਪਾ ਆਗੂਆਂ ਦਾ ਸਮਾਜਕ ਬਾਈਕਾਟ ਕਰਨ ਦਾ ਵੀ ਫੈਸਲਾ ਕੀਤਾ।
Farmers Protest
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦੇਣਗੇ ਅਤੇ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕਰਨਗੇ।