
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਲਈ ਫੰਡ ਜਾਰੀ ਦੇ ਨਾਲ-ਨਾਲ ਸਤੰਬਰ ਮਹੀਨੇ ਲਈ ...
ਚੰਡੀਗੜ੍ਹ (ਸਸਸ) :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਲਈ ਫੰਡ ਜਾਰੀ ਦੇ ਨਾਲ-ਨਾਲ ਸਤੰਬਰ ਮਹੀਨੇ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਸਤੰਬਰ ਦੀਆਂ ਪੈਨਸ਼ਨਾਂ ਦੇ 140 ਕਰੋੜ ਰੁਪਏ ਸਮੇਤ ਸਥਾਨਕ ਸਰਕਾਰਾਂ ਬਾਰੇ ਵਿਭਾਗ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੇ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਬਕਾਇਆ ਅਦਾਇਗੀ ਲਈ 335 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।
ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਲਈ 125 ਕਰੋੜ ਰੁਪਏ ਜਦਕਿ ਪੀ.ਆਈ.ਡੀ.ਬੀ. ਲਈ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ 31 ਕਰੋੜ ਰੁਪਏ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਮੌਤ ਅਤੇ ਸੇਵਾ-ਮੁਕਤੀ ਗ੍ਰੈਚੂਇਟੀ ਨਾਲ ਸਬੰਧਤ ਅਦਾਇਗੀ ਲਈ 39 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਜਿਸ ਨਾਲ ਹੁਣ ਤੱਕ ਦਾ ਨਿਪਟਾਰਾ ਹੋ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਹ ਫੰਡ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਦੇ ਤਰਜੀਹੀ ਸੈਕਟਰਾਂ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਹੁਲਾਰਾ ਦੇਣ ਦੇ ਮੰਤਵ ਲਈ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸੂਬੇ ਦੀ ਵਿੱਤੀ ਸਥਿਤੀ ਨੂੰ ਸਥਿਰ ਬਣਾਉਣ ਹਿੱਤ ਬੇਲੋੜੇ ਖਰਚੇ ਘਟਾ ਕੇ ਵਿਕਾਸ ਲਈ ਵਾਧੂ ਵਸੀਲੇ ਜੁਟਾਉਣ ਲਈ ਆਪਣੇ ਯਤਨ ਤੇਜ਼ ਕਰਨ ਦੇ ਹੁਕਮ ਦਿੱਤੇ।