
ਪੇਂਡੂ ਖੇਤਰ ਤੋਂ ਬਾਅਦ ਹੁਣ ਸ਼ਹਿਰੀਆਂ ਨੂੰ ਸੰਘਰਸ਼ ਨਾਲ ਜੋੜਿਆ ਜਾਵੇਗਾ : ਕਿਸਾਨ ਆਗੂ
ਬਠਿੰਡਾ, 23 ਅਕਤੂਬਰ (ਸੁਖਜਿੰਦਰ ਮਾਨ) : ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿਲ ਵਿਰੁਧ ਸੂਬੇ ਦੇ ਦਿਹਾਤੀ ਖੇਤਰਾਂ 'ਚ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁਧ ਚੱਲ ਰਹੇ ਸੰਘਰਸ਼ ਵਿਚ ਹੁਣ ਕਿਸਾਨ ਜਥੇਬੰਦੀਆਂ ਨੇ ਸ਼ਹਿਰੀਆਂ ਨੂੰ ਵੀ ਨਾਲ ਜੋੜਣ ਦਾ ਫ਼ੈਸਲਾ ਲਿਆ ਹੈ। ਇਸਦੀ ਪਹਿਲ ਕਦਮੀ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ 14 ਜ਼ਿਲ੍ਹਿਆਂ ਦੇ 41 ਸ਼ਹਿਰਾਂ ਤੇ ਕਸਬਿਆਂ 'ਚ ਪੇਂਡੂ ਤੇ ਸ਼ਹਿਰੀ ਜਨਤਾਂ ਵਲੋਂ ਮਿਲ ਕੇ ਬਦੀ ਦੀ ਮੂਰਤ ਬਣੀ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਦਿਉ ਕੱਦ ਬੁੱਤਾਂ ਨੂੰ ਸਾੜਣ ਦਾ ਐਲਾਨ ਕੀਤਾ ਹੈ।
ਅੱਜ ਸਥਾਨਕ ਟੀਚਰਜ ਹੋਮ ਵਿਖੇ ਇਸਦਾ ਖ਼ੁਲਾਸਾ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਲੀ ਕਲਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮਜ਼ਦੂਰ ਆਗੂ ਜੋਰਾ ਸਿੰਘ ਨਸਰਾਲੀ ਤੇ ਲਛਮਣ ਸਿੰਘ ਸੇਵਾਵਾਲਾ ਨੇ ਦਸਿਆ ਕਿ ਇਸ ਸਬੰਧ ਵਿਚ ਬਠਿੰਡਾ ਦੇ 8, ਸੰਗਰੂਰ 9, ਮਾਨਸਾ 3, ਮੋਗਾ 4, ਬਰਨਾਲਾ 2, ਪਟਿਆਲਾ 3, ਅੰਮ੍ਰਿਤਸਰ 3, ਮੁਕਤਸਰ ਸਾਹਿਬ 2, ਫ਼ਰੀਦਕੋਟ, ਫ਼ਾਜ਼ਿਲਕਾ, ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਗੁਰਦਾਪੁਰ ਜ਼ਿਲ੍ਹਿਆਂ ਦੇ 1-1 ਸ਼ਹਿਰੀ ਕੇਂਦਰਾਂ ਵਿਚ ਦੁਸਹਿਰੇ ਮੌਕੇ ਇਹ ਪ੍ਰਦਰਸ਼ਨ ਕੀਤੇ ਜਾਣਗੇ।