
ਮੁਲਾਜ਼ਮ ਨੂੰ ਜਖ਼ਮੀ ਹੋਣ ਕਰ ਕੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਸ ਦੌਰਾਨ ਉਸ ਦਾ ਮੌਤ ਹੋ ਗਈ
ਬਰਨਾਲਾ - ਬਰਨਾਲਾ 'ਚ ਇਕ ਪੁਲਿਸ ਮੁਲਾਜ਼ਮ ਦਾ ਕਬੱਡੀਆਂ ਖਿਡਾਰੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀਆਂ ਤੇ ਇਕ ਰੈਸਟੋਰੈਂਟ ਮਾਲਕ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਪੁਲਿਸ ਇੱਥੇ ਇਹ ਮਸਲਾ ਸੁਲਝਾਉਣ ਲਈ ਪਹੁੰਚੀ ਸੀ। ਪੁਲਿਸ, ਕਬੱਡੀ ਖਿਡਾਰੀਆਂ ਨੂੰ ਲੈ ਕੇ ਜਾ ਰਹੀ ਸੀ ਕਿ ਇਸੇ ਦੌਰਾਨ ਗੱਡੀ 'ਚ ਬਿਠਾਉਣ ਮੌਕੇ ਝੜਪ ਹੋ ਗਈ। ਇਸ ਦੌਰਾਨ ਝੜਪ ਵਿਚ ਹੌਲਦਾਰ ਦਰਸ਼ਨ ਸਿੰਘ ਗੰਭੀਰ ਜਖ਼ਮੀ ਹੋ ਗਿਆ ਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮੁਲਜ਼ਮ ਅੰਤਰਾਸ਼ਟਰੀ ਕਬੱਡੀ ਖਿਡਾਰੀ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ 25 ਏਕੜ ਰਕਬੇ ਵਿਚ ਸਥਿਤ ਇੱਕ ਰੈਸਟੋਰੈਂਟ ਵਿਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਮਾਲਕ ਵਿਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਥਾਣਾ ਸਿਟੀ-1 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰੈਸਟੋਰੈਂਟ ‘ਚ ਝਗੜਾ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬਿਠਾਉਣ ਦੀ ਕੋਸ਼ਿਸ਼ ਕੀਤੀ, ਇਸੇ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਹੋ ਗਈ ਤੇ ਝੜਪ ਤੋਂ ਬਾਅਦ ਮੁਲਾਜ਼ਮ ਜ਼ਖ਼ਮੀ ਹੋ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ 1 ਕਰੋੜ ਰੁਪਏ ਸਹਾਇਤਾ ਰਾਸ਼ੀ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, "ਬਰਨਾਲਾ ‘ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ...ਪ੍ਰਸ਼ਾਸਨ ਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ…ਦੋਸ਼ੀਆਂ ਨੂੰ ਜਲਦ ਫੜ ਕੇ ਸਖ਼ਤ ਸਜ਼ਾ ਦਿਤੀ ਜਾਵੇਗੀ… ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀ…ਸਰਕਾਰ ਵਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿਤੀ ਜਾਵੇਗੀ…ਬਹਾਦਰ ਪੁਲਿਸ ਕਰਮੀ ਦੇ ਜਜ਼ਬੇ ਨੂੰ ਦਿਲੋਂ ਸਲਾਮ…"।