
ਜਿਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਜਾਂ ਮੁਅੱਤਲ ਕੀਤੇ ਗਏ ਸਨ, ਉਹਨਾਂ 'ਚੋਂ ਜ਼ਿਆਦਾਤਰ ਨੇ ਹਥਿਆਰ ਲੈਣ ਲਈ ਫਰਜ਼ੀ ਪਤੇ ਦਿੱਤੇ ਸਨ।
ਚੰਡੀਗੜ੍ਹ: ਪੰਜਾਬ ਵਿਚ ਗੰਨ ਕਲਚਰ ਨੂੰ ਖਤਮ ਕਰਨ ਲਈ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮਾਂ ਦੇ 9 ਦਿਨਾਂ ਦੇ ਅੰਦਰ ਸੂਬੇ ਵਿਚ ਹੁਣ ਤੱਕ 899 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ। ਪੁਲਿਸ ਨੇ ਇਹਨਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਤੋਂ ਜਲਦੀ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਜਿਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਜਾਂ ਮੁਅੱਤਲ ਕੀਤੇ ਗਏ ਸਨ, ਉਹਨਾਂ 'ਚੋਂ ਜ਼ਿਆਦਾਤਰ ਨੇ ਹਥਿਆਰ ਲੈਣ ਲਈ ਫਰਜ਼ੀ ਪਤੇ ਦਿੱਤੇ ਸਨ। ਕਈ ਅਜਿਹੇ ਸਨ ਜਿਨ੍ਹਾਂ ਨੇ ਨਿਯਮਾਂ ਵਿਚ ਸੋਧ ਤੋਂ ਬਾਅਦ ਆਪਣੇ ਹਥਿਆਰਾਂ ਨੂੰ ਸਰੰਡਰ ਨਹੀਂ ਕੀਤਾ। ਅਸਲਾ ਲਾਇਸੈਂਸ ਦੇ ਨਿਯਮ ਬਦਲ ਗਏ ਹਨ। ਇਕ ਲਾਇਸੈਂਸ ਧਾਰਕ ਸਿਰਫ਼ ਦੋ ਹਥਿਆਰ ਰੱਖ ਸਕਦਾ ਹੈ ਪਰ ਕੁਝ ਲੋਕਾਂ ਨੇ ਹੁਣ ਤੱਕ 3-3 ਹਥਿਆਰ ਰੱਖੇ ਹੋਏ ਹਨ। ਅਜਿਹੇ ਲੋਕਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਪਟਿਆਲਾ ਵਿਚ 274 ਅਤੇ ਨਵਾਂਸ਼ਹਿਰ ਵਿਚ 50 ਲਾਇਸੈਂਸ ਮੁਅੱਤਲ ਕੀਤੇ ਗਏ ਹਨ।
ਸਮੀਖਿਆ ਮੁਹਿੰਮ ਦੀ ਅਗਵਾਈ ਸਾਰੀਆਂ ਰੇਂਜਾਂ ਦੇ ਆਈਜੀ ਅਤੇ ਜ਼ਿਲ੍ਹਿਆਂ ਦੇ ਐਸਐਸਪੀ ਖੁਦ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਰੋਜ਼ਾਨਾ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ। ਲੋਕਾਂ ਨੂੰ ਵੀ ਜਾਂਚ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਸੁਧੀਰ ਸੂਰੀ ਅਤੇ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸਰਕਾਰ ਨੇ 90 ਦਿਨਾਂ ਵਿਚ ਸੂਬੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਸਨ।
ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਹੁਣ ਹਰ ਤਿੰਨ ਮਹੀਨੇ ਬਾਅਦ ਗੰਨ ਹਾਊਸ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਹਥਿਆਰਾਂ ਦੇ ਸਟਾਕ ਤੋਂ ਲੈ ਕੇ ਹਰ ਚੀਜ਼ ਦੀ ਜਾਂਚ ਕੀਤੀ ਜਾਵੇਗੀ। ਅਜਿਹੇ 'ਚ ਪੁਲਿਸ ਹੁਣ ਸਾਰੇ ਜ਼ਿਲਿਆਂ 'ਚ ਸਖ਼ਤ ਮੁਹਿੰਮ ਚਲਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਕਾਰ ਗੰਨ ਕਲਚਰ ਨੂੰ ਰੋਕਣ ਲਈ ਸਖ਼ਤ ਹੈ। ਫਰਜ਼ੀ ਪਤਿਆਂ 'ਤੇ ਲਾਇਸੈਂਸ ਬਣਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਕਿਸੇ ਨੂੰ ਵੀ ਕਿਸੇ ਵੀ ਕੀਮਤ 'ਤੇ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।