ਸੋਮਵਾਰ ਜਾਂ ਮੰਗਲਵਾਰ ਤੱਕ ਸੈਨੇਟ ਚੋਣਾਂ ਦਾ ਹੋਵੇਗਾ ਐਲਾਨ- ਬਿੱਟੂ
ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਚੰਡੀਗੜ੍ਹ ਬਾਰੇ ਪ੍ਰਸਤਾਵਤ ਬਿਲ ਨੂੰ ਲੈ ਕੇ ਛਿੜੇ ਵਿਵਾਦ ਦਰਮਿਆਨ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਜਾਨ ਤੋਂ ਵੀ ਪਿਆਰਾ ਹੈ ਅਤੇ ਇਸ ਨੂੰ ਪੰਜਾਬ ਤੋਂ ਕੋਈ ਨਹੀਂ ਖੋਹ ਸਕਦਾ। ਉਨ੍ਹਾਂ ਕਿਹਾ ਕਿ ਇਸ ਬਾਰੇ ਜਾਣ ਬੁਝ ਕੇ ਵਿਰੋਧੀਆਂ ਵਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਸਪੱਸ਼ਟ ਕਰ ਦਿਤਾ ਹੈ ਕਿ ਕੋਈ ਬਿਲ ਪੇਸ਼ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਜਦ ਬਿਆਨਬਾਜ਼ੀ ਸ਼ੁਰੂ ਹੋਈ ਤਾਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮੈਂ ਖ਼ੁਦ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤਕ ਤੋਂ ਇਸ ਬਾਰੇ ਪੁਛੇ ਸਪੱਸ਼ਟ ਕੀਤਾ।
ਬਿੱਟੂ ਨੇ ਕਿਹਾ ਕਿ ਅਜਿਹੀ ਕੋਈ ਵੀ ਗੱਲ ਨਹੀਂ ਹੈ ਅਤੇ ਜੋ ਚੰਡੀਗੜ੍ਹ ਨੂੰ ਸੋਧ ਕਰ ਕੇ ਧਾਰਾ 240 ਵਿਚ ਸ਼ਾਮਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਜੇਕਰ ਸੰਸਦ ਵਿਚ ਚਰਚਾ ਲਈ ਇਹ ਆ ਵੀ ਜਾਵੇ ਤਾਂ ਉਥੇ ਪਾਸ ਹੋਣਾ ਕੋਈ ਇੰਨਾ ਆਸਾਨ ਕੰਮ ਨਹੀਂ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਅਧਿਕਾਰ ਖੋਹ ਕੇ ਲੈਫ਼ਟੀਨੈਂਟ ਰਾਜਪਾਲ ਲਾਉਣ ਦੀ ਤਾਂ ਕੋਈ ਗੱਲ ਹੀ ਨਹੀਂ ਹੈ ਅਤੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਡਟ ਕੇ ਪੰਜਾਬ ਨਾਲ ਖੜੀ ਹੈ। ਪੰਜਾਬ ਯੂਨੀਵਰਸਿਟੀ ਬਾਰੇ ਪੁਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸੋਮਵਾਰ ਜਾਂ ਮੰਗਲਵਾਰ ਤਕ ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਹੋ ਸਕਦਾ ਹੈ। ਬਿੱਟੂ ਦਾ ਕਹਿਣਾ ਹੈ ਕਿ ਇਸ ਬਾਰੇ ਉਨ੍ਹਾਂ ਦੀ ਕੇਂਦਰ ਦੇ ਸਬੰਧਤ ਅਧਿਕਾਰੀਆਂ ਨਾਲ ਬੜੀ ਸਪੱਸ਼ਟ ਗੱਲ ਹੋਈ ਹੈ। ਉਨ੍ਹਾਂ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੂੰ ਵੀ ਸ਼ਹੀਦੀ ਦਿਹਾੜੇ ਮੌਕੇ ਕੇਂਦਰ ਵਲੋਂ ਦਿਤੇ ਭਰੋਸੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ।
