
ਭਾਜਪਾ ਆਗੂਆਂ ਨੂੰ ਚੀਫ਼ ਖ਼ਾਲਸਾ ਦੀਵਾਨ ਅਤੇ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਿਚੋਂ ਕੱਢਣ ਲਈ ਦਿਤਾ ਮੰਗ ਪੱਤਰ
ਅੰਮਿ੍ਤਸਰ, 22 ਦਸੰਬਰ (ਅਮਨਦੀਪ ਸਿੰਘ ਕੱਕੜ): ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਲਿਆਂਦੇ ਹਨ | ਪੰਜਾਬ ਦੇ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਵਿਰੁਧ ਸੰਘਰਸ਼ ਵਿਢਿਆ ਹੋਇਆ ਹੈ | ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸੜਕਾਂ ਉਤੇ ਠੰਡੀਆਂ ਰਾਤਾਂ ਕੱਟ ਰਹੇ ਹਨ | ਇਸ ਦੌਰਾਨ 32 ਕੀਮਤੀ ਜਾਨਾਂ ਜਾ ਚੱਕੀਆਂ ਹਨ, ਪਰ ਭਾਜਪਾ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਨ ਵਿਚ ਪੂਰੀ ਤਰ੍ਹਾਂ ਮੁਨਕਰ ਹੈ | ਪੰਜਾਬ ਭਾਜਪਾ ਕਿਸਾਨਾਂ ਨਾਲ ਖੜਨ ਦੀ ਬਜਾਏ ਕੇਂਦਰ ਸਰਕਾਰ ਨਾਲ ਖ਼ੜੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਅਵਾਜ਼-ਏ-ਕੌਮ ਦੇ ਮੁੱਖ ਆਗੂ ਨੋਬਲਜੀਤ ਸਿੰਘ ਬੁੱਲੋਵਾਲ ਨੇ ਭਾਜਪਾ ਆਗੂ ਇਕਬਾਲ ਸਿੰਘ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਚੀਫ਼ ਖ਼ਾਲਸਾ ਦੀਵਾਨ ਅਤੇ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਿਚੋਂ ਕੱਢਣ ਲਈ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਮੰਗ ਪੱਤਰ ਦਿੰਦੇ ਸਮੇਂ ਕੀਤਾ |