
ਕੇਜਰੀਵਾਲ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੇ : ਕੈਪਟਨ
ਕੇਂਦਰੀ ਗ੍ਰਹਿ ਮੰਤਰੀ ਨੂੰ ਕੇਵਲ ਕੌਮੀ ਸੁਰੱਖਿਆ ਬਾਰੇ ਪੰਜਾਬ ਦਾ ਪੱਖ ਦਸਿਆ
ਚੰਡੀਗੜ੍ਹ, 22 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਵਿਖਾਉਾਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿਚ ਸਿਰਫ਼ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ | ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਮੁੱਖ ਮੰਤਰੀ ਵਜੋਂ ਉਹ ਦੁਸ਼ਮਣ ਗੁਆਂਢੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿਚ ਚਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਵੀ ਸੰਕੋਚ ਨਹੀਂ ਕਰਨਗੇ ਜਦੋਂ ਵੀ ਗੁਆਂਢੀ ਦੁਸ਼ਮਣ ਦੇਸ਼ਾਂ ਵਲੋਂ ਅੰਦਰੂਨੀ ਸੁਰੱਖਿਆ ਮਾਮਲਿਆਂ ਵਿਚ ਸ਼ਹਿ ਦਿਤੀ ਜਾਂਦੀ ਰਹੇਗੀ |
'ਆਪ' ਨੇਤਾ ਵਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦਸਦਿਆਂ ਇਨ੍ਹਾਂ ਦੀ ਘੋਰ ਨਿੰਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਵਿਚ ਕਤਈ ਸੱਚ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਅਪਣੇ ਪ੍ਰਵਾਰ 'ਤੇ ਚਲ ਰਹੇ ਈ.ਡੀ.ਕੇਸਾਂ ਦੇ ਸਬੰਧ ਵਿਚ ਮਿਲੇ ਸਨ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਈ.ਡੀ. ਵਲੋਂ ਉਨ੍ਹਾਂ ਵਿਰੁਧ ਕੋਈ ਕੇਸ ਦਰਜ ਨਹੀਂ ਕੀਤਾ ਗਿਆ | ਹਾਲਾਂਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁਧ ਈ.ਡੀ. ਵਲੋਂ ਦਰਜ ਇਕ ਕੇਸ ਪਿਛਲੇ ਇਕ ਦਹਾਕੇ ਤੋਂ ਚਲ ਰਿਹਾ ਹੈ ਤੇ ਉਹ ਵੀ ਫੇਮਾ ਐਕਟ ਅਧੀਨ
ਹੈ ਜੋ ਕਿ ਸਿਵਲ/ਵਿੱਤੀ ਮਾਮਲੇ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਦੇ ਪੁੱਤਰ ਨੂੰ ਇਸ ਤੋਂ ਪਹਿਲਾਂ ਭੇਜੇ ਆਮਦਨ ਕਰ ਦੇ ਗ਼ਲਤ ਅਨੁਮਾਨਾਂ ਦੇ ਹੁਕਮਾਂ 'ਤੇ ਵੀ ਰੋਕ ਲਗਾ ਦਿਤੀ ਸੀ | ਬੁਖ਼ਲਾਹਟ ਵਿਚ ਆ ਕੇ ਆਮਦਨ ਕਰ ਵਿਭਾਗ ਨੇ ਹੁਣ ਉਨ੍ਹਾਂ ਨੂੰ ਸਮੁੱਚੇ ਪ੍ਰਵਾਰ ਸਮੇਤ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਅਤੇ ਇਥੋਂ ਤਕ ਕਿ ਉਨ੍ਹਾਂ ਦੇ ਛੋਟੇ ਪੋਤੇ-ਪੋਤੀ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨ੍ਹਾਂ ਨੂੰ ਕਾਲਾ ਧਨ ਰੋਕੂ ਐਕਟ ਤਹਿਤ ਨੋਟਿਸ ਜਾਰੀ ਕੀਤੇ ਗਏ ਜਿਨ੍ਹਾਂ ਨਾਲ ਕਾਨੂੰਨੀ ਢੰਗ ਨਾਲ ਨਿਪਟਿਆ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ | ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਾਲੇ ਖੇਤੀ ਕਾਨੂੰਨਾਂ ਬਾਰੇ ਅਪਣੇ ਦੋਗਲੇ ਸਟੈਂਡ ਤੋਂ ਦੁੱਧ ਧੋਤਾ ਸਾਬਤ ਹੋਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਤਾਂ ਇਸ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿਤਾ ਅਤੇ ਹੁਣ ਕਿਸਾਨਾਂ ਪ੍ਰਤੀ ਝੂਠੀ ਹਮਦਰਦੀ ਦਿਖਾ ਕੇ ਇਸ ਨਾਜ਼ੁਕ ਮੁੱਦੇ 'ਤੇ ਮੱਗਰਮੱਛ ਦੇ ਹੰਝੂ ਵਹਾਏ ਜਾ ਰਹੇ ਹਨ ਜੋ ਸਿਰਫ਼ ਤੇ ਸਿਰਫ਼ ਕੇਜਰੀਵਾਲ ਦੀਆਂ ਨੌਟੰਕੀਆਂ ਤੋਂ ਵੱਧ ਕੁੱਝ ਨਹੀਂ |
Photo