ਸ਼੍ਰੋਮਣੀ ਅਕਾਲੀ ਦਲ 'ਚ ਸੀਨੀਅਰ ਆਗੂਆਂ ਨੂੰ ਕੀਤਾ ਜਾ ਰਿਹੈ ਨਜ਼ਰ-ਅੰਦਾਜ਼
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਸਿਧਾਂਤਾਂ ਦੇ ਮੁੱਦੇ 'ਤੇ ਮੋਰਚਾ ਖੋਲ੍ਹਣ ਵਾਲੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿਚੋਂ ਆਜ਼ਾਦ ਕਰਵਾਉਣ ਦਾ ਝੰਡਾ ਵੀ ਚੁੱਕ ਲਿਆ ਹੈ।
ਅਪਣੀ ਲੁਧਿਆਣਾ ਫੇਰੀ ਮੌਕੇ ਪੁਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਜੇ ਕੋਈ ਸਿਆਸੀ ਪਾਰਟੀ ਖੜ੍ਹੀ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਵੱਡਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਅਜ਼ਾਦੀ ਦਿਵਾਉਣਾ ਅਤੇ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟ ਮੈਂਬਰਾਂ ਤੋਂ ਮੁਕਤੀ ਦਿਵਾਉਣਾ ਹੈ।
ਉਨ੍ਹਾਂ ਕਿਹਾ ਕਿ ਕੁੱਝ ਲੋਕ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ 'ਤੇ ਕਬਜ਼ਾ ਜਮਾਈ ਬੈਠੇ ਹਨ ਜਿਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਸੀਨੀਅਰ ਆਗੂਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਂਦੀਆਂ ਵਿਧਾਨ ਸਭਾ ਚੋਣਾਂ ਮੌਕੇ ਟਕਸਾਲੀ ਆਗੂ ਕੋਈ ਧਿਰ ਖੜ੍ਹੀ ਕਰਦੇ ਹਨ ਤਾਂ ਉਹ ਉਸ ਬਾਰੇ ਵਿਚਾਰ ਵਟਾਂਦਰਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਬਾਦਲਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਪਣੇ ਨਿੱਜੀ ਜਾਇਦਾਦ ਵਜੋਂ ਵਰਤਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੋਂ ਇਲਾਵਾ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੀ ਮੌਜੂਦ ਸਨ।
ਇਸ ਮੌਕੇ ਬਾਦਲਾਂ ਵਿਰੁਧ ਭੜਾਸ ਕੱਢਦਿਆਂ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਖਿਲਾਫ਼ ਜਿਹੜੀ ਵੀ ਧਿਰ ਖੜ੍ਹੀ ਹੋਵੇਗੀ, ਉਹ ਉਸ ਦਾ ਸਾਥ ਦੇਣਗੇ। ਜਦਕਿ ਬਲਵੰਤ ਸਿੰਘ ਰਾਮੂਵਾਲੀਆ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ ਨੂੰ ਇਸੇ ਸਾਲ ਬਾਦਲਾਂ ਦੇ ਕਬਜ਼ੇ ਵਿਚੋਂ ਆਜ਼ਾਦ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।