
ਡਰੱਗ ਮਾਮਲੇ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਚੰਡੀਗੜ੍ਹ: ਡਰੱਗ ਮਾਮਲੇ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਦੀਆਂ ਕੁੱਖਾਂ ਨਸ਼ਿਆਂ ਕਾਰਨ ਤਬਾਹ ਹੋ ਗਈਆਂ। ਜਵਾਨੀ ਬਰਬਾਦ ਹੋ ਗਈ। ਪੰਜਾਬ ਦੀ ਆਰਥਿਕ ਹਾਲਤ ਬਰਬਾਦ ਹੋ ਚੁੱਕੀ ਹੈ। ਅਸੀਂ ਹਾਈ ਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਉਹਨਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜੋ ਕਰੇਗਾ, ਉਹ ਭਰੇਗਾ।
ਕਾਂਗਰਸ ਆਗੂ ਅਲਕਾ ਲਾਂਬਾ ਨੇ ਵੀ ਇਸ ਸਬੰਧੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਸੀਐਮ ਚੰਨੀ ਨੇ ਹਿੰਮਤ ਦਿਖਾਈ ਅਤੇ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕਰਵਾਈ। ਭਾਵੇਂ ਚੋਣਾਂ ਨੇੜੇ ਆਉਂਦੇ ਹੀ ਉਹਨਾਂ ਨੂੰ ਭਾਜਪਾ ਦੀ ਮਦਦ ਨਾਲ ਜ਼ਮਾਨਤ ਮਿਲ ਗਈ ਸੀ ਪਰ ਅੱਜ ਹਾਈ ਕੋਰਟ ਨੇ ਉਸ ਜ਼ਮਾਨਤ ਨੂੰ ਮੁੜ ਰੱਦ ਕਰ ਦਿੱਤਾ।
ਅਲਕਾ ਲਾਂਬਾ ਨੇ ਅੱਗੇ ਕਿਹਾ ਕਿ ਅਸੀਂ ਕਿਹਾ ਸੀ ਕਿ ਜੇਕਰ ਜ਼ਮਾਨਤ ਹੋਵੇਗੀ ਤਾਂ ਜੇਲ੍ਹ ਵੀ ਹੋਵੇਗੀ ਅਤੇ ਕਾਂਗਰਸ ਇਸ ਨੂੰ ਯਕੀਨੀ ਬਣਾਏਗੀ। ਸਾਡੇ ਵਕੀਲਾਂ ਨੇ ਅਦਾਲਤ ਵਿਚ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ।ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਨੂੰਨ ਹਮੇਸ਼ਾ ਅਪਣਾ ਕੰਮ ਕਰਦਾ ਹੈ, ਇਸ ਵਿਚ ਦੇਰ ਹੋ ਸਕਦੀ ਹੈ, ਹਨੇਰ ਨਹੀਂ। ਰੱਬ ਦੀ ਲਾਠੀ ਬੇਆਵਾਜ਼ ਹੁੰਦੀ ਹੈ।
ਰਾਜ ਕੁਮਾਰ ਵੇਰਕਾ ਨੇ ਸੁਖਬੀਰ ਬਾਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੁਖਬੀਰ ਬਾਦਲ ਨੇ ਫਰਜ਼ੀ ਐਫਆਈਆਰ ਖਿਲਾਫ ਮੋਰਚਾ ਖੋਲ੍ਹਣ ਦੀ ਗੱਲ ਕਹੀ ਸੀ ਪਰ ਹੁਣ ਹਾਈ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਹੈ, ਕੀ ਹੁਣ ਤੁਸੀਂ ਹਾਈ ਕੋਰਟ ਖਿਲਾਫ ਮੋਰਚਾ ਖੋਲ੍ਹੋਗੇ? ਉਹਨਾਂ ਅੱਗੇ ਕਿਹਾ ਕਿ ਅਸੀਂ ਕਦੇ ਵੀ ਬਦਲੇ ਦੀ ਭਾਵਨਾ ਨਾਲ ਪਰਚਾ ਦਰਜ ਨਹੀਂ ਕੀਤਾ। ਇਹ ਪਰਚਾ ਉਸ ਸਮੇਂ ਦਾ ਹੈ ਜਦੋਂ ਤੁਸੀਂ ਗ੍ਰਹਿ ਮੰਤਰੀ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਅਦਾਲਤ ਦਾ ਧੰਨਵਾਦ ਕਰਦੇ ਹਾਂ ਅਤੇ ਚਾਹੁੰਦੇ ਹਾਂ ਕਿ ਜੋ ਵੀ ਦੋਸ਼ੀ ਹੋਵੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।