ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਰਾਜਵੀਰ ਸਿੰਘ,ਮਾਪਿਆਂ ਨੇ ਦੋਸਤ 'ਤੇ ਕਤਲ ਦੇ ਲਾਏ ਇਲਜ਼ਾਮ
ਲੁਧਿਆਣਾ ਦੇ ਤਲਵਾੜਾ ਪਿੰਡ ਨੇੜੇ ਇੱਕ ਐਮਬੀਏ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਪੇਟ ਵਿੱਚ ਗੋਲੀ ਲੱਗੀ ਸੀ। ਹਮਲਾਵਰ ਗੋਲੀਬਾਰੀ ਤੋਂ ਬਾਅਦ ਭੱਜ ਗਿਆ। ਨੇੜਲੇ ਲੋਕਾਂ ਨੇ ਨੌਜਵਾਨ ਨੂੰ ਸੜਕ 'ਤੇ ਖੂਨ ਨਾਲ ਲੱਥਪੱਥ ਪਿਆ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨੌਜਵਾਨ ਨੂੰ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ।
ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤਰ ਦੇ ਦੋਸਤ 'ਤੇ ਉਸ ਦੇ ਕਤਲ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਖਹਿਰਾ (25) ਵਜੋਂ ਹੋਈ ਹੈ, ਜੋ ਕਿ ਜਗਜੀਤ ਨਗਰ, ਥਰੀਕੇ ਪਿੰਡ ਦਾ ਰਹਿਣ ਵਾਲਾ ਸੀ। ਰਾਜਵੀਰ ਦਾ ਪਰਿਵਾਰ ਇੱਕ ਵਪਾਰਕ ਪਰਿਵਾਰ ਹੈ।
ਪ੍ਰਵਾਰ ਦਾ ਕਹਿਣਾ ਹੈ ਕਿ ਨੌਜਵਾਨ ਉਨ੍ਹਾਂ ਦੇ ਪੁੱਤ ਨੂੰ ਘਰੋਂ ਬੁਲਾ ਕੇ ਲੈ ਗਿਆ ਸੀ। ਫਿਰ ਉਨ੍ਹਾਂ ਨੂੰ ਪੁੱਤਰ ਦੀ ਮੌਤ ਦੀ ਖ਼ਬਰ ਮਿਲੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਅੱਜ ਹੋਵੇਗਾ। ਇਸ ਦੌਰਾਨ, ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ, ਪੁਲਿਸ ਨੇ ਨੌਜਵਾਨ ਦੇ ਦੋਸਤ ਵਿਰੁੱਧ ਐਫਆਈਆਰ ਵੀ ਦਰਜ ਕਰ ਲਈ ਹੈ। ਦੋਸ਼ੀ ਦੇ ਫਰਾਰ ਹੋਣ ਦੀ ਖ਼ਬਰ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
