
ਬਰਗਾੜੀ ਮੋਰਚੇ ਦੇ ਆਗੂ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ...
ਚੰਡੀਗੜ੍ਹ : ਬਰਗਾੜੀ ਮੋਰਚੇ ਦੇ ਆਗੂ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਲਈ ਬਣਾਈ ਗਈ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੇ ਗਏ ਹੁਣ ਤੱਕ ਦੇ ਵੱਡੇ ਖ਼ੁਲਾਸਿਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਅੱਗੇ ਵੀ ਇਸੇ ਤਰ੍ਹਾਂ ਹੀ ਐਸਆਈਟੀ ਦੀ ਜਾਂਚ ਸਹੀ ਚੱਲੀ ਤਾਂ ਜਲਦੀ ਹੀ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵੀ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਚੋਟੀ ਦੇ ਅਫ਼ਸਰਾਂ ਦੀ ਗ੍ਰਿਫ਼ਤਾਰੀ ਸਿਰਫ਼ ਇਸ ਲਈ ਸੰਭਵ ਹੋ ਸਕੀ ਹੈ ਕਿਉਂਕਿ ਐਸਆਈਟੀ ਵਲੋਂ ਪੂਰੀ ਇਮਾਨਦਾਰੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੋਰਚੇ ਦੇ ਦਬਾਅ ਕਾਰਨ ਮੁੱਖ ਦੋਸ਼ੀਆਂ ਵਿਰੁਧ ਕਾਰਵਾਈ ਹੋ ਰਹੀ ਹੈ। ਦਾਦੂਵਾਲ ਨੇ ਕਿਹਾ ਕਿ ਜਾਂਚ ਵਿਚ ਇਸ ਗੱਲ ਦਾ ਵੀ ਖ਼ੁਲਾਸਾ ਹੋ ਗਿਆ ਹੈ ਕਿ ਗੋਲੀਕਾਂਡ ਵਿਚ ਸ਼ਾਮਲ ਪੁਲਿਸ ਅਫ਼ਸਰਾਂ ਵਲੋਂ ਸਬੂਤ ਮਿਟਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਉਤੇ ਝੂਠੇ ਦੋਸ਼ ਲਗਾਉਣ ਦਾ ਯਤਨ ਕੀਤਾ ਸੀ
ਜਦਕਿ ਬਰਗਾੜੀ ਬੇਅਦਬੀ ਤੋਂ ਬਾਅਦ ਸਿੱਖਾਂ ਨੇ ਪੂਰੇ ਸ਼ਾਂਤੀ ਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਬਾਦਲ ਵੀ ਹੁਣ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਗਲਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।