
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਯੂਨੀਅਨ ਵਾਟਰ ਰਿਸੋਰਸ ਮੰਤਰੀ ਨਿਤੀਨ ਗਡਕਰੀ ਦੇ ਬਿਆਨ ਦੀ ਜੰਮ ਕੇ ਨਿਖੇਧੀ ਕੀਤੀ........
ਚੰਡੀਗੜ (ਨੀਲ) : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਯੂਨੀਅਨ ਵਾਟਰ ਰਿਸੋਰਸ ਮੰਤਰੀ ਨਿਤੀਨ ਗਡਕਰੀ ਦੇ ਬਿਆਨ ਦੀ ਜੰਮ ਕੇ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਨੇ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿਚ ਮੋੜਨ ਬਾਰੇ ਆਖਿਆ ਸੀ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਗਡਕਰੀ ਦਾ ਬਿਆਨ ਬਹੁਤ ਹੀ ਖ਼ਤਰਨਾਕ ਅਤੇ ਪੰਜਾਬ ਦੇ ਹਿੱਤਾਂ ਵਿਰੁਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲੋਂ ਇਸਦੇ ਹੱਕੀ ਪਾਣੀਆਂ ਨੂੰ ਖੋਹਣ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਐਸ.ਵਾਈ.ਐਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਦੇ ਬਹਾਨੇ ਪੰਜਾਬ ਕੋਲੋਂ ਇਸ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵਲੋਂ ਇਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਹੈਰਾਨੀ ਹੋਈ ਕਿ ਨਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗਡਕਰੀ ਦੇ ਇਸ ਬਿਆਨ ਉਪਰ ਪ੍ਰਤੀਕਿਰਿਆ ਜਤਾਈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਤਿੰਨਾਂ ਦਰਿਆਵਾਂ ਦਾ ਪਾਣੀ ਯਮੁਨਾ ਵਲ ਮੋੜ ਦਿਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਤਬਾਹ ਹੋ ਜਾਵੇਗਾ ਅਤੇ ਖੇਤੀਯੋਗ ਜ਼ਮੀਨ ਬੰਜਰ ਹੋ ਜਾਵੇਗੀ।