
ਡਰੱਗ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ।
ਚੰਡੀਗੜ੍ਹ: ਡਰੱਗ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹਨਾਂ ਨੇ ਸਵੇਰੇ ਹੀ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਅਦਾਲਤ ਵਿਚ ਹੀ ਉਹਨਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ।
ਇਸ ਮਗਰੋਂ ਡਿਊਟੀ ਮੈਜਿਸਟ੍ਰੇਟ ਸਾਹਮਣੇ ਉਹਨਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਨੂੰ ਕੱਲ੍ਹ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ, ਜਿਸ ਤੋਂ ਬਾਅਦ ਉਹਨਾਂ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹਨਾਂ ਨੇ ਅੱਜ ਆਤਮ ਸਮਰਪਣ ਕੀਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਪੂਰਾ ਦਿਨ ਇੰਤਜ਼ਾਰ ਕੀਤਾ ਪਰ ਮਜੀਠੀਆ ਆਤਮ ਸਮਰਪਣ ਕਰਨ ਨਹੀਂ ਆਏ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ਤਹਿਤ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।