
ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ
ਚੰਡੀਗੜ੍ਹ - ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਸਿੱਖ ਸੰਗਤ ਲਗਾਤਾਰ ਸਰਕਾਰਾਂ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ। ਇਸੇ ਵਿੱਚ ਸ਼ੁੱਕਰਵਾਰ ਨੂੰ ਸਿਟ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਇੱਕ ਚਲਾਨ ਪੇਸ਼ ਕੀਤਾ ਅਤੇ 7000 ਪੰਨਿਆਂ ਦੀ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਜਿਸ ਵਿੱਚ 1400 ਪੰਨੇ ਦੋਸ਼ਾਂ/ਦੋਸ਼ੀਆਂ ਅਤੇ 5600 ਪੰਨੇ ਸਹਾਇਕ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਸਬੂਤਾਂ ਦੇ ਹਨ।
ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਇਹ ਚਲਾਨ ਪੇਸ਼ ਕੀਤਾ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਸਿਟ ਦੇ ਚਲਾਨ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਿੱਚ ਮਦਦ ਕੀਤੀ।ਦਾਇਰ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਈਪੀਸੀ ਦੀਆਂ ਧਾਰਾਵਾਂ 323,324,504 ਤਹਿਤ ਚਲਾਨ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਸਿਟ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ 3 ਘਟਨਾਵਾਂ ਵਿਚ ਆਪਣੀ ਸਰਕਾਰ ਦੀ ਅਣਗਹਿਲੀ ਨੂੰ ਛੁਪਾਉਣ ਲਈ ਗੈਰ-ਕਾਨੂੰਨੀ ਅਤੇ ਵਾਧੂ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਸਨ।
ਇਸ ਤੋਂ ਇਲਾਵਾ ਇਸ ਚਾਰਜਸ਼ੀਟ ਵਿੱਚ ਆਈ.ਜੀ. ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ), ਡੀ.ਆਈ.ਜੀ. ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ/ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ), ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ ਦੇਣ), ਐਸਐਚਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ) ਦੇ ਨਾਮ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਸਰਕਾਰ ਦੇ ਆਉਣ ਤੋਂ ਬਾਅਦ ਤੋਂ ਹੁਣ ਤੱਕ ਸਿਟ ਕਈ ਵਾਰ ਸੁਖਬੀਰ ਸਿੰਘ ਬਾਦਲ ਤੋਂ ਇਨ੍ਹਾਂ ਮਾਮਲਿਆਂ ਵਿੱਚ ਪੁੱਛ ਗਿੱਛ ਕਰ ਚੁੱਕੀ ਹੈ।
ਦੱਸ ਦਈਏ ਕਿ ਇਸ ਚਲਾਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਕਿਹਾ ਕਿ ਚਲਾਨ ਵਿਚ ਉਹਨਾਂ ਦਾ ਨਾਂਅ ਪਾਉਣ ਲਈ ਸਰਕਾਰ ਨੇ ਖੁਦ ਕਿਹਾ ਸੀ ਪਰ ਮੈਂ ਘਟਨਾ ਵਾਲੇ ਦਿਨ ਇੱਤੇ ਹੈ ਹੀ ਨਹੀਂ ਸੀ ਤੇ ਜੇ ਸੀ ਤਾਂ ਫਿਰ ਸਾਬਿਤ ਕੀਤਾ ਜਾਵੇ ਤੇ ਇਹ ਵੀ ਸਬੂਤ ਦਿੱਤੇ ਜਾਣ ਕਿ ਮੈਂ ਕਿਸੇ ਵੀ ਅਫਸਰ ਨਾਲ ਫੋਨ 'ਤੇ ਇਸ ਬਾਰੇ ਗੱਲਬਾਤ ਕੀਤੀ ਹੋਵੇ। ਉਹਨਾਂ ਨੇ ਕਿਹਾ ਕਿ ਝੂਠ ਜਿਸ ਨੇ ਬੋਲਣਾ ਹੈ ਉਹ ਬੋਲ ਸਕਦਾ ਹੈ ਪਰ ਇਹ ਸਭ ਪੂਰਾ ਰਾਜਨੀਤੀ ਤੋਂ ਪ੍ਰੇਰਿਤ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੋਏ ਹਨ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ। ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ। ਮੰਤਰੀ ਜਾਂ ਸੰਤਰੀ....ਕਾਨੂੰਨ ਸਭ ਲਈ ਇੱਕ ਹੈ। ਸੱਚ ਕਦੇ ਛੁਪਦਾ ਨਹੀਂ।
ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਗੁਰੂ ਸਾਹਿਬ ਦੇ ਅੰਗ ਕਈ ਮਹੀਨਿਆਂ ਬਾਅਦ ਨਜ਼ਦੀਕੀ ਪਿੰਡ ਬਰਗਾੜੀ ਤੋਂ ਮਿਲੇ ਸਨ। ਇਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਪਰ ਪੁਲਿਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਵਿਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਐੱਸ. ਆਈ. ਟੀ. ਬਣੀ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।