
Punjab News: ‘ਆਪ’ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲੇਗੀ : ਪਰਗਟ ਸਿੰਘ
Punjab News: ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ‘ਆਪ’ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ’ਚ ਹਨ ਅਤੇ ਪੱਖ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸੂਬਾ ਸਰਕਾਰ ’ਤੇ ਚੋਣਾਂ ਤੋਂ ਪਹਿਲਾਂ ਕੀਤੇ 1000 ਰੁਪਏ ਪ੍ਰਤੀ ਮਹੀਨਾ ਮਾਣ ਭੱਤੇ ਦੇ ਵਾਅਦੇ ਨੂੰ ਪੂਰਾ ਕਰਨ ਵਿਚ ਦੇਰੀ ਕਰਨ ਦਾ ਦੋਸ਼ ਲਾਇਆ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਚਿੰਤਾ ਜ਼ਾਹਰ ਕੀਤਾ ਕਿ ਸੂਬਾ ਸਰਕਾਰ ਲੰਮੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲ ਦੇਵੇਗੀ।
ਦਿੱਲੀ ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾਂ ਨਾਲ ਦਿੱਲੀ ਦੇ ਕਪੂਰਥਲਾ ਹਾਊਸ ’ਚ ਮੀਟਿੰਗ ਕੀਤੀ ਹੈ। ‘ਆਪ’ ਨੂੰ ਝਟਕਾ ਲੱਗਾ ਹੈ ਕਿਉਂਕਿ 10 ਸਾਲ ਸੱਤਾ ’ਚ ਰਹਿਣ ਤੋਂ ਬਾਅਦ ਦਿੱਲੀ ਵਿਧਾਨ ਸਭਾ ’ਚ ਇਸ ਦਾ ਦਬਦਬਾ ਖ਼ਤਮ ਹੋ ਗਿਆ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ‘ਆਪ’ ਨੇ 22 ਸੀਟਾਂ ਜਿੱਤੀਆਂ ਹਨ।
ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਦੇ ਪਿਛੋਕੜ ’ਚ ਬੁਲਾਈ ਗਈ ਮੀਟਿੰਗ ’ਤੇ ਲੋਕਾਂ ਦੇ ਭਰਵੱਟੇ ਖੜ੍ਹੇ ਹੋ ਗਏ ਹਨ। ਭਾਜਪਾ ਨੇ ਦੋਸ਼ ਲਾਇਆ ਕਿ ਮੀਟਿੰਗ ਦਾ ਮਕਸਦ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਕਿਹਾ ਕਿ ਮੀਟਿੰਗ ਦਾ ਏਜੰਡਾ ਪਾਰਟੀ ਦੀਆਂ ਕਮੀਆਂ ਦਾ ਵਿਸ਼ਲੇਸ਼ਣ ਕਰਨਾ ਸੀ।