
8 ਇਮੀਗ੍ਰੇਸ਼ਨ ਕੇਂਦਰਾਂ ਦੇ ਲਾਇਸੈਂਸ ਸ਼ੱਕੀ, ਜਾਂਚ ਸ਼ੁਰੂ
ਚੰਡੀਗੜ੍ਹ: ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ, ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਨੂੰ ਲੈ ਕੇ ਗੰਭੀਰ ਸਵਾਲ ਉੱਠੇ ਹਨ। ਇਸ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਤਿੰਨੋਂ ਜ਼ੋਨਾਂ ਵਿੱਚ ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਦੇ ਨਿਰਦੇਸ਼ਾਂ 'ਤੇ ਕੀਤੀ ਜਾ ਰਹੀ ਹੈ।
ਮੁਹਿੰਮ ਤਹਿਤ, 72 ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 8 ਏਜੰਟਾਂ ਦੇ ਲਾਇਸੈਂਸ ਸ਼ੱਕੀ ਪਾਏ ਗਏ। ਪੁਲਿਸ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਏਜੰਟ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਸਨ। ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਵਿੱਚ ਬਹੁਤ ਸਾਰੇ ਅਜਿਹੇ ਹਨ ਜੋ ਜਾਅਲੀ ਟਰੈਵਲ ਏਜੰਟਾਂ ਦੁਆਰਾ ਧੋਖਾ ਖਾ ਕੇ ਗਲਤ ਦਸਤਾਵੇਜ਼ਾਂ ਦੀ ਮਦਦ ਨਾਲ ਅਮਰੀਕਾ ਆਏ ਸਨ। ਹੁਣ ਇਨ੍ਹਾਂ ਨਾਗਰਿਕਾਂ ਦੀ ਵਾਪਸੀ ਤੋਂ ਬਾਅਦ, ਪੁਲਿਸ ਨਕਲੀ ਇਮੀਗ੍ਰੇਸ਼ਨ ਏਜੰਟਾਂ ਦੇ ਰੈਕੇਟ ਦਾ ਪਰਦਾਫਾਸ਼ ਕਰਨ ਲਈ ਸੁਚੇਤ ਹੋ ਗਈ ਹੈ।ਅੰਮ੍ਰਿਤਸਰ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਹ ਵਿਸ਼ੇਸ਼ ਮੁਹਿੰਮ ਜਾਰੀ ਰਹੇਗੀ।