
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤ।
ਚੰਡੀਗੜ੍ਹ: ਮੁਹਾਲੀ ਨਗਰ ਨਿਗਮ ਦੀ ਇੱਥੋਂ ਦੇ ਸਨਅਤੀ ਏਰੀਆ ਫੇਜ਼-1 ਵਿਚ ਸਥਿਤ ਗਊਸ਼ਾਲਾ ਵਿਚ ਪਿਛਲੇ ਤਿੰਨ ਮਹੀਨਿਆਂ ਵਿਚ ਸੈਂਕੜੇ ਪਸ਼ੂਆਂ ਦੀ ਭੇਤਭਰੀ ਮੌਤਾਂ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਡੀਸੀ ਨੇ ਮੁਹਾਲੀ ਨਿਗਮ ਦੇ ਕਮਿਸ਼ਨਰ ਤੋਂ ਰਿਪੋਰਟ ਤਲਬ ਕੀਤੀ ਹੈ। ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਵੀ ਡੀਸੀ ਨੂੰ ਪੱਤਰ ਲਿਖ ਕੇ ਪਸ਼ੂਆਂ ਦੀ ਮੌਤ ਦੇ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
Cow
ਮਿਲੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਜਿਸ ਵਿਚ ਮੁਹਾਲੀ ਦੀ ਗਊਸ਼ਾਲਾ ਵਿਚ ਸਮਰੱਥਾ ਤੋਂ ਵੱਧ ਪਸ਼ੂ ਰੱਖਣ ਦੀ ਗੱਲ ਸਾਹਮਣੇ ਆਈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਮੁਹਾਲੀ ਦੀ ਗਊਸ਼ਾਲਾ ’ਚੋਂ ਵਾਧੂ ਪਸ਼ੂਆਂ ਨੂੰ ਲਾਲੜੂ ਨੇੜੇ ਮਗਰਾ ਗਊਸ਼ਾਲਾ ਵਿਚ ਸ਼ਿਫ਼ਟ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦਾ ਕੰਮ ਦੇਖ ਰਹੀ ਫਾਊਂਡੇਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਊਸ਼ਾਲਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਠੋਸ ਪੈਰਵੀ ਕਰਨ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਵਿਚ ਹਰਾ ਅਤੇ ਸੁੱਕੇ ਚਾਰੇ ਦੀ ਵਿਵਸਥਾ ਕੀਤੀ ਗਈ ਹੈ। ਡੀਸੀ ਨੇ ਦੱਸਿਆ ਕਿ ਆਉਂਦੇ 10 ਦਿਨਾਂ ਤੱਕ ਮੁਹਾਲੀ ਤੋਂ ਰੋਜ਼ਾਨਾ 30 ਤੋਂ 40 ਪਸ਼ੂਆਂ ਨੂੰ ਲਾਲੜੂ ਨੇੜੇ ਗਊਸ਼ਾਲਾ ਵਿਚ ਸ਼ਿਫ਼ਟ ਕੀਤਾ ਜਾਵੇਗਾ।
Cow
ਉਨ੍ਹਾਂ ਦੱਸਿਆ ਕਿ ਮਗਰਾ ਗਊਸ਼ਾਲਾ ਵਿਚ ਨਾ ਸਿਰਫ਼ ਮੁਹਾਲੀ ਬਲਕਿ ਜ਼ੀਰਕਪੁਰ, ਡੇਰਾਬੱਸੀ, ਲਾਲੜੂ ਆਦਿ ਇਲਾਕਿਆਂ ਵਿਚ ਸੜਕਾਂ ’ਤੇ ਘੁੰਮਦੇ ਲਾਵਾਰਿਸ ਪਸ਼ੂਆਂ ਨੂੰ ਫੜ ਕੇ ਰੱਖਿਆ ਜਾਵੇਗਾ। ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਕਨੂੰ ਥਿੰਦ ਵੱਲੋਂ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਆਰਪੀ ਸਿੰਘ ਅਤੇ ਸੈਕਟਰੀ ਰੰਜੀਵਨ ਕੁਮਾਰ ’ਤੇ ਆਧਾਰਿਤ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਵਿਚ ਪਸ਼ੂਆਂ ਦੀ ਮੌਤ ਸਬੰਧੀ ਪਸ਼ੂ ਪਾਲਣ ਵਿਭਾਗ ਅਤੇ ਗੌਰੀ ਸ਼ੰਕਰ ਸੁਸਾਇਟੀ ਤੋਂ ਮੁੱਢਲੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਪਹਿਲੂਆਂ ’ਤੇ ਜਾਂਚ ਮੁਕੰਮਲ ਕਰਕੇ ਸੋਮਵਾਰ ਨੂੰ ਕਮਿਸ਼ਨਰ ਨੂੰ ਪੜਤਾਲੀਆਂ ਰਿਪੋਰਟ ਸੌਂਪ ਦਿੱਤੀ ਜਾਵੇਗੀ।