
ਸਾਡੀ ਸਰਕਾਰ ਸਿਹਤ ਸੰਭਾਲ ਸੁਵਿਧਾਵਾਂ 'ਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡਾ. ਸਿੰਗਲਾ
ਚੰਡੀਗੜ੍ਹ, 23 ਮਾਰਚ (ਸਸਸ): ਸਿਹਤ ਤੇ ਪ੍ਰਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਵਿਭਾਗਾਂ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਉਪਰੰਤ ਡਾ: ਵਿਜੇ ਸਿੰਗਲਾ ਨੇ ਅੱਜ ਇਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਨ੍ਹਾਂ ਦੋਹਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ |
ਉਨ੍ਹਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਨੀਅਰ ਅਧਿਕਾਰੀਆਂ ਅਤੇ ਹੋਰ ਪ੍ਰੋਗਰਾਮ ਅਫ਼ਸਰਾਂ ਆਦਿ ਦੀ ਮੌਜੂਦਗੀ ਵਿਚ ਇਨ੍ਹਾਂ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਸਿਹਤ ਮੰਤਰੀ ਨੂੰ ਵਿਭਾਗ ਵਲੋਂ ਜਨਤਾ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਹੂਲਤਾਂ ਦੀ ਬਾਰੇ ਜਾਣੂ ਕਰਵਾਇਆ | ਇਸ ਮੌਕੇ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਸਿਹਤ, ਅਲੋਕ ਸੇਖਰ, ਪ੍ਰਮੁੱਖ ਸਕੱਤਰ, ਮੈਡੀਕਲ ਸਿਖਿਆ, ਕੁਮਾਰ ਰਾਹੁਲ, ਐਮਡੀ ਐਨਐਚਐਮ, ਅਮਿਤ ਕੁਮਾਰ, ਵਿਸ਼ੇਸ਼ ਸਕੱਤਰ ਮੈਡੀਕਲ ਸਿਖਿਆ, ਭੁਪਿੰਦਰ ਸਿੰਘ, ਐਮਡੀ ਪੀਐਚਐਸਸੀ ਅਤੇ ਡਾ. ਜੀਬੀ ਸਿੰਘ ਆਦਿ ਹਾਜ਼ਰ ਸਨ | ਮੀਟਿੰਗ ਦੌਰਾਨ ਡਾ: ਵਿਜੇ ਸਿੰਗਲਾ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਦੇ ਕਿਸੇ ਵੀ ਸਰਕਾਰੀ ਮੈਡੀਕਲ ਕਾਲਜ ਵਿਚ ਇਕ ਵੀ ਕੈਥ ਲੈਬ ਮੌਜੂਦ ਨਹੀਂ ਹੈ ਜਿਸ ਕਾਰਨ ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਅਤੇ ਫੌਰੀ ਡਾਕਟਰੀ ਇਲਾਜ ਦੀ ਜ਼ਰੂਰਤ ਵਾਲੇ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾਉਣ ਹਿਤ ਜਾਣ ਲਈ ਮਜਬੂਰ ਹਨ ਜਿਥੇ ਬਹੁਤ ਜ਼ਿਆਦਾ ਖ਼ਰਚਾ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰਾਜ ਦੇ ਬਾਸਿੰਦਿਆਂ ਨੂੰ ਸਸਤਾ ਇਲਾਜ ਸਹੂਲਤਾਂ ਹਾਸਲ ਕਰਨ ਲਈ ਪੰਜਾਬ ਤੋਂ ਬਾਹਰ ਦੂਜੇ ਰਾਜਾਂ ਵਿਚ ਸਥਿਤ ਟਰਸਰੀ ਦਰਜੇ ਦੀ ਦੇਖਭਾਲ ਵਾਲੇ ਮੁਹਈਆ ਕਰਵਾਉਣ ਵਾਲੇ ਸਰਕਾਰੀ ਹਸਪਤਾਲਾਂ ਵਿਚ ਜਾਣ ਲਈ ਖੱਜਲ ਹੋਣਾ ਪੈਂਦਾ ਹੈ ਜੋ ਕਿ ਪਹਿਲਾਂ ਹੀ ਮੁਸ਼ਕਲ ਦਾ ਸਾਹਮਣਾ ਕਰ ਰਹੇ ਮਰੀਜ਼ਾਂ ਤੇ ਹੋਰ ਬੋਝ ਨਾ ਦਿੰਦਾ ਹੈ | ਡਾ. ਸਿੰਗਲਾ ਨੇ ਕਿਹਾ ਕਿ ਉਹ ਸਰਕਾਰੀ ਮੈਡੀਕਲ ਕਾਲਜਾਂ ਵਿਚ ਜਲਦੀ ਤੋਂ ਜਲਦੀ ਕੈਥ ਲੈਬਾਂ ਖੋਲ੍ਹਣ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਕਰਨਗੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਜੀਵਨ ਬਚਾਉਣ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਸਸਤੇ ਭਾਅ ਤੇ ਉਪਲਬਧ ਕਰਵਾਈਆਂ ਜਾ ਸਕਣ |