
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਹਨਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਲਈ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
Punjab CM Bhagwant Mann meets PM Modi
ਸੀਐਮ ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫ਼ੀਆ ਨੂੰ ਖਤਮ ਕਰਕੇ ਦੁਬਾਰਾ ਖ਼ਜ਼ਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੁਧਾਰ ਲਵਾਂਗੇ। ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋਵੇਗਾ। ਉਹਨਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਪੰਜਾਬ ਨੇ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ 'ਤੇ ਪੰਜਾਬੀ ਤਾਇਨਾਤ ਹਨ। ਉਮੀਦ ਹੈ ਰੰਗਲਾ ਪੰਜਾਬ ਬਣਾਉਣ ਲਈ ਪੂਰਾ ਸਹਿਯੋਗ ਮਿਲੇਗਾ। ਪੀਐਮ ਨੇ ਇਹ ਵੀ ਕਿਹਾ ਕਿ ਸਾਨੂੰ ਮਿਲ ਕੇ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ। ਮੈਂ ਇਹ ਵੀ ਕਿਹਾ ਕਿ ਮੈਂ ਪੰਜਾਬ ਦਾ ਵਿਕਾਸ ਕਰਾਂਗਾ ਤਾਂ ਦੇਸ਼ ਦਾ ਵਿਕਾਸ ਹੋਵੇਗਾ। ਪ੍ਰੋਫੈਸਰ ਮੋਹਨ ਸਿੰਘ ਨੇ ਇਹ ਵੀ ਕਿਹਾ ਕਿ ਪੂਰਾ ਦੇਸ਼ ਇਕ ਮੁੰਦਰੀ ਹੈ ਅਤੇ ਪੰਜਾਬ ਇਸ ਵਿਚ ਇਕ ਨਗ ਵਾਂਗ ਹੈ। ਬਦਕਿਸਮਤੀ ਨਾਲ ਉਹ ਕੁਝ ਖਰਾਬ ਹੋ ਗਿਆ ਸੀ, ਅਸੀਂ ਇਸ ਨੂੰ ਜਲਦੀ ਠੀਕ ਕਰ ਲਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੀਐਮ ਮੋਦੀ ਨਾਲ ਬਹੁਤ ਸਕਾਰਾਤਮਕ ਮਾਹੌਲ ਵਿਚ ਮੀਟਿੰਗ ਹੋਈ। ਉਹਨਾਂ ਨੇ ਮੈਨੂੰ ਮੁੱਖ ਬਣਨ ਲਈ ਵਧਾਈ ਦਿੱਤੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਮੈਂ ਮਾਣਯੋਗ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਪੰਜਾਬ ਦੇਸ਼ ਦੀ ਆਜ਼ਾਦੀ ਵੇਲੇ ਅਤੇ ਆਜ਼ਾਦੀ ਕਾਇਮ ਰੱਖਣ ਲਈ ਹਮੇਸ਼ਾ ਅਪਣੀ ਛਾਤੀ ਤਾਣ ਕੇ ਖੜ੍ਹਾ ਰਿਹਾ ਹੈ। ਰਾਸ਼ਟਰੀ ਸੁਰੱਖਿਆ ਲਈ ਮੈਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਕਈ ਵਾਰ ਦੇਸ਼ ਦੇ ਦੁਸ਼ਮਣ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਚੁੱਕੇ ਹਨ ਪਰ ਪੰਜਾਬ ਦੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਕਿ ਦੇਸ਼ ਦੀ ਸੁਰੱਖਿਆ ਲਈ ਜੋ ਵੀ ਪ੍ਰਸਤਾਵ ਲਿਆਂਦਾ ਜਾਵੇਗਾ ਅਸੀਂ ਉਸ ਵਿਚ ਸਹਿਯੋਗ ਦੇਵਾਂਗੇ।