
'31 ਮਾਰਚ ਨੂੰ ਮੰਤਰੀਆਂ ਦੇ ਘਰਾਂ ਦਾ ਕਰਾਂਗੇ ਘਿਰਾਓ '
ਚੰਡੀਗੜ੍ਹ: ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਲੀਡਰਸ਼ਿਪ ਵੱਲੋਂ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕਰਕੇ ਅਗਲੇਰੇ ਪ੍ਰੋਗਰਾਮ ਜਾਰੀ ਕੀਤੇ ਗਏ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਕਿਵੇਂ 19 ਮਾਰਚ ਨੂੰ ਕੇਂਦਰ ਨਾਲ ਮੀਟਿੰਗ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 1947 ਅਤੇ 1984 ਵਰਗੀ ਸਥਿਤੀ ਪੈਦਾ ਹੋ ਗਈ ਅਤੇ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਦੇ ਨਾਲ ਹੀ ਬਜ਼ੁਰਗ ਕਿਸਾਨਾਂ ਦੇ ਨਾਲ-ਨਾਲ ਮਹਿਲਾ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ ਮੌਕੇ 'ਤੇ ਮੌਜੂਦ ਪੱਤਰਕਾਰ ਪਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਰਿਪੋਰਟ ਕਰਦਿਆਂ ਪਤਰਕਾਰ ਗੁਰਸਮਸੀਰ ਦੀ ਕੁੱਟਮਾਰ ਕੀਤੀ ਗਈ,ਪਤਰਕਾਰ ਮਨਦੀਪ ਪੂਨੀਆ ਤੋਂ ਫ਼ੋਨ ਖੋਹ ਲਿਆ ਗਿਆ ਅਤੇ ਪੱਤਰਕਾਰ ਮਨਦੀਪ ਸਿੰਘ ਕੰਗ ਦਾ ਕੈਮਰਾ ਤੋੜ ਦਿੱਤਾ ਗਿਆ, 20 ਮਾਰਚ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਬਲਵੰਤ ਸਿੰਘ ਬਹਿਰਾਮਕੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ 'ਤੇ ਬਾਜਵਾ ਢਾਬੇ 'ਤੇ ਲਾਠੀਚਾਰਜ ਕੀਤਾ ਗਿਆ, ਸਭ ਨੇ ਦੇਖਿਆ, ਸਥਾਨਕ ਸ਼ਹਿੰਬਰਪੁਰ ਵਿਖੇ ਕਰੋੜਾਂ ਰੁਪਏ ਦੇ ਨਾਲ ਟਰੈਕਟਰਾਂ ਅਤੇ ਟਰਾਲੀਆਂ ਦੀ ਭੰਨਤੋੜ ਕੀਤੀ ਗਈ।
ਪੁਲਿਸ ਦੀ ਨਿਗਰਾਨੀ ਹੇਠ ਰੇਤ ਮਾਫੀਆ ਸ਼ਾਮਿਲ ਹੈ ਅਤੇ ਸਥਾਨਕ ਐਮ.ਐਲ.ਏ ਨਾਲ ਸਾਜਿਸ਼ ਰਚ ਕੇ ਚੋਰੀ ਨੂੰ ਅੰਜਾਮ ਦਿੱਤਾ ਗਿਆ ਸੀ, ਕਿਸਾਨ ਆਗੂ ਜਗਜੀਤ ਸਿੰਘ ਜੀ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਉਹਨਾਂ ਦਾ ਟਿਕਾਣਾ ਲਗਾਤਾਰ ਬਦਲਿਆ ਜਾ ਰਿਹਾ ਹੈ ਅਤੇ ਅਜੇ ਤੱਕ ਕਿਸੇ ਨੂੰ ਵੀ ਉਹਨਾਂ ਨੂੰ ਮਿਲਣ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਜਾਣਕਾਰੀ ਜਾਰੀ ਗਈ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਇਨ੍ਹਾਂ ਸਾਰੇ ਮੁੱਦਿਆਂ 'ਤੇ ਅੱਜ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ, ਜੋ ਇੱਕ ਦਿਨ ਲਈ ਨਿਸ਼ਚਿਤ ਕੀਤੇ ਗਏ ਹਨ ਪਰ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਨੂੰ ਪੱਕੇ ਧਰਨਿਆ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ 28 ਮਾਰਚ ਨੂੰ ਡੀਸੀ ਦਫ਼ਤਰਾਂ ਅੱਗੇ ਐਸ ਕੇ ਐਮ ਕੀਤੇ ਜਾ ਰਹੇ ਧਰਨੇ ਦੀ ਦੋਨੋਂ ਫੋਰਮ ਹਮਾਇਤ ਕਰਦੇ ਹਨ ।
ਉਹਨਾਂ ਦੱਸਿਆ ਕਿ ਇਲਾਕੇ ਦੇ ਸਿਆਸੀ ਆਗੂਆਂ ਵੱਲੋਂ ਆਪਸੀ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ ਤਹਿਤ ਕੀਤੇ ਜਾ ਰਹੇ ਪ੍ਰਚਾਰ ਦੇ ਚਲਦਿਆਂ 27 ਮਾਰਚ ਨੂੰ ਸਵੇਰੇ 10.00 ਵਜੇ ਗੁਰਦੁਆਰਾ ਨਥਾਣਾ ਸਾਹਿਬ ਪਿੰਡ ਜੰਡਮੰਗੋਲੀ ਵਿਖੇ ਪੁਆਧ ਸਦਭਾਵਨਾ ਇਕੱਤਰਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਦੀਆਂ ਮੁੱਖ ਮੰਗਾਂ ਇਹ ਹਨ ਕਿ ਜੇਲ੍ਹਾਂ ਵਿੱਚ ਬੰਦ ਸਾਰੇ ਕਿਸਾਨਾਂ ਨੂੰ ਬਿਨਾਂ ਜਮਾਨਤ ਰਿਹਾਅ ਕੀਤਾ ਜਾਵੇ ਅਤੇ ਵਿਧਾਇਕ ਗੁਰਲਾਲ ਘਨੌਰ ਦੀ ਵਿਧਾਨ ਸਭਾ ਮੈਂਬਰੀ ਰੱਦ ਕੀਤੀ ਜਾਵੇ। ਕਿਸਾਨਾਂ ਦਾ ਸਾਰਾ ਗੁਆਚਿਆ ਅਤੇ ਚੋਰੀ ਹੋਇਆ ਮਾਲ ਬਰਾਮਦ ਕੀਤਾ ਜਾਵੇ ਅਤੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਦੋਵਾਂ ਮੋਰਚਿਆਂ ਤੋਂ ਚੋਰੀਆਂ ਦੀ ਸਾਜ਼ਿਸ਼ ਰਚਣ ਵਾਲੇ ਅਤੇ ਚੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ, ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਅਤੇ ਕਿਸਾਨਾਂ 'ਤੇ ਤਸ਼ੱਦਦ ਕਰਨ ਵਾਲੇ ਅਤੇ ਲਾਠੀਚਾਰਜ ਕਰਨ ਵਾਲੇ ਐਸ ਐਚ ਓ ਹਰਪ੍ਰੀਤ ਸਿੰਘ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 12 ਮੰਗਾਂ ਨੂੰ ਲੈ ਕੇ ਕੇਂਦਰ ਵਿਰੁੱਧ ਸਾਡਾ ਅੰਦੋਲਨ ਪੂਰੇ ਜ਼ੋਰ-ਸ਼ੋਰ ਨਾਲ ਜਾਰੀ ਹੈ।