
ਟਰਾਂਸਪੋਰਟ ਖੇਤਰ ਵਿਚ ਵੱਡੇ ਪੱਧਰ 'ਤੇ ਲਿਆਂਦੇ ਜਾਣਗੇ ਸੁਧਾਰ : ਅਰੁਣਾ
ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਪੰਜਾਬ ਵਿਚ ਕਾਂਗਰਸ ਸਰਕਾਰ ਦੀ ਕਾਇਮੀ ਮਗਰੋਂ ਸਿਖਿਆ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾ ਰਹੇ ਹਨ। ਇਹ ਗੱਲ ਸਮਾਜਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਸਰਕਾਰੀ ਕਾਲਜ ਫ਼ੇਜ਼-6 ਦੇ 34ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਟਰਾਂਸਪੋਰਟ ਖੇਤਰ ਵਿਚ ਵੱਡੇ ਪੱਧਰ 'ਤੇ ਸੁਧਾਰ ਲਿਆਂਦੇ ਜਾਣਗੇ। ਇਸ ਤੋਂ ਪਹਿਲਾਂ ਸ਼ਮ੍ਹਾ ਰੌਸ਼ਨ ਕਰ ਕੇ ਸਮਾਗਮ ਦਾ ਆਗ਼ਾਜ਼ ਕਰਨ ਮਗਰੋਂ ਸਮਾਗਮ ਦੇ ਵਿਸ਼ੇਸ਼ ਮਹਿਮਾਨ ਪਸ਼ੂ ਪਾਲਣ,
Aruna Chaudary and Sidhu
ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਡੇਅਰੀ ਦੇ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਕਿਸਾਨਾਂ ਦੀ ਆਰਥਕਤਾ ਦੀ ਮਜ਼ਬੂਤੀ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ। ਸਿੱਧੂ ਨੇ ਇਸ ਤੋਂ ਪਹਿਲਾਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਕਾਲਜ ਦੇ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਪੱਤਰਕਾਰਾਂ ਵੱਲੋਂ ਮੋਹਾਲੀ ਵਿਖੇ ਲੇਬਰ ਸ਼ੈਡ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸਿੱਧੂ ਨੇ ਕਿਹਾ ਕਿ ਸ਼ਹਿਰ ਵਿਚ ਢੁਕਵੀਆਂ ਥਾਵਾਂ 'ਤੇ ਲੇਬਰ ਸ਼ੈਡ ਬਣਾਏ ਜਾਣਗੇ ਤਾਕਿ ਲੇਬਰ ਨੂੰ ਗਰਮੀ ਸਰਦੀ ਦੇ ਦਿਨਾਂ ਵਿਚ ਬੈਠਣ ਆਦਿ ਦੀ ਕਿਸੇ ਕਿਸਮ ਦੀ ਦਿੱਕਤ ਨਾ ਹੋਵੇ। ਦੋਹਾਂ ਮੰਤਰੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿਤਾ ਗਿਆ।