
ਮਹਿੰਗਾਈ ਨਾਲ ਜੂਝ ਰਹੇ ਲੋਕਾਂ ’ਤੇ ਹੋਰ ਆਰਥਿਕ ਬੋਝ ਪਾ ਰਹੇ ਨੇ ਨਰਿੰਦਰ ਮੋਦੀ: ਪ੍ਰੋ. ਬਲਜਿੰਦਰ ਕੌਰ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਹਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ।
Baljinder Kaur
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਨਾਲ ਨਪੀੜੇ ਲੋਕਾਂ ਉਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰਟਰਾਂ ਦੀ ਹਿਤੈਸੀ ਹੈ। ਉਹਨਾਂ ਦੋਸ ਲਾਇਆ ਕਿ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ, ਉਸ ਸਮੇਂ ਮੋਦੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 25 ਰੁਪਿਆਂ ਦਾ ਵਾਧਾ ਕਰਕੇ ਇਸ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈੇ।
Petrol and Diesel
ਆਗੂਆਂ ਨੇ ਕਿਹਾ ਕਿ ਡੀਜਲ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧਾ ਖੇਤੀਬਾੜੀ ਖੇਤਰ ਲਈ ਤਬਾਹਕੁਨ ਸਾਬਤ ਹੋ ਰਿਹਾ ਹੈ। ਇਸ ਵਾਧੇ ਨਾਲ ਫਸਲਾਂ ਦੀ ਬਿਜਾਈ, ਸਿੰਚਾਈ ਅਤੇ ਕਟਾਈ ਦੇ ਖਰਚੇ ਵੀ ਵੱਧ ਗਏ ਹਨ, ਜੋ ਪਹਿਲਾਂ ਹੀ ਕਰਜਈ ਕਿਸਾਨਾਂ ਲਈ ਅਸਹਿਣਯੋਗ ਹੈ। ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਜਰੂਰੀ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪੈ ਰਿਹਾ ਹੈ। ਦਾਲਾਂ ਤੋਂ ਲੈ ਕੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਵੱਧ ਗਈਆਂ ਹਨ। ਜਿਸ ਦਾ ਅਸਰ ਮੱਧਮ ਵਰਗ ’ਤੇ ਬਹੁਤ ਬੁਰਾ ਪੈ ਰਿਹਾ ਹੈ। ਨਰਿੰਦਰ ਮੋਦੀ ਸਰਕਾਰ ਨੇ ਅਜਿਹੇ ਸਮੇਂ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਬੇਰੁਜਗਾਰ ਹੋ ਕੇ ਸਰਕਾਰੀ ਦੀ ਵਿੱਤੀ ਸਹਾਇਤਾ ਦੀ ਉਡੀਕ ਕਰ ਰਹੇ ਹਨ।
Aam Admi Party
ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੈਟਰੋਲ, ਡੀਜਲ ਅਤੇ ਆਮ ਵਸਤੂਆਂ ਦੀਆਂ ਹਰ ਦਿਨ ਵਧਦੀਆਂ ਕੀਮਤਾਂ ਕੇਂਦਰ ਸਰਕਾਰ ਦੀ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਉਦਾਸੀਨਤਾ ਨੂੰ ਪੇਸ ਕਰਦੀਆਂ ਹਨ। ਉਹਨਾਂ ਕਿਹਾ ਕਿ ਜਿੱਥੇ ਮੱਧਮ ਵਰਗ ਕਾਰੋਬਾਰ ਬੰਦ ਹੋਣ ਜਾਣ ਕਾਰਨ ਆਪਣਾ ਪਰਿਵਾਰ ਪਾਲਣ ਲਈ ਸੰਘਰਸ ਕਰ ਰਿਹਾ ਹੈ, ਉਥੇ ਹੀ ਕੇਂਦਰ ਸਰਕਾਰ ਉਹਨਾਂ ਦੀਆਂ ਜੇਬਾਂ ’ਤੇ ਡਾਕਾ ਮਾਰਨ ਵਿੱਚ ਲੱਗੀ ਹੋਈ ਹੈ। ਅਜਿਹੇ ਔਖੇ ਸਮੇਂ ਵਿੱਚ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਲੋਕਾਂ ਦਾ ਗਲ ਘੁੱਟਣ ਤੋਂ ਬਚਣਾ ਚਾਹੀਦਾ।