
ਕੋਵਿਡ-19 ਮਹਾਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ।
Vijay Inder Singla
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
Captain Amarinder Singh
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।
School
ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਈਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।