
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਿਆ ਫ਼ੈਸਲਾ
ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਏ ਇਕ ਵੱਡੇ ਫੈਸਲੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਸਰਕਾਰ ਦੀਆਂ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਸਬੰਧਤ ਅਸਾਮੀ ਵਾਸਤੇ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
jobs
ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਤ ਅਸਾਮੀਆਂ ਵਾਸਤੇ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਪ੍ਰੀਖਿਆ ਨੂੰ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਹੋਵੇਗਾ।
Punjabi Maa Boli
ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 26,454 ਅਸਾਮੀਆਂ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਗਰੁੱਪ ‘ਸੀ` ਅਤੇ ‘ਡੀ` ਅਸਾਮੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ ਅਤੇ ਰੋਜ਼ਗਾਰ ਉਤਪਤੀ ਦੇ ਸਕੱਤਰ ਕੁਮਾਰ ਰਾਹੁਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।