ਕਿਹਾ, ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮਹਿੰਗਾਈ ਭੱਤੇ ਦੀ ਇਕ ਕਿਸ਼ਤ ਜਾਰੀ ਕਰ ਦਿਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪੰਜਾਬ ਸਰਕਾਰ ਵਲੋਂ 1 ਜੁਲਾਈ 2015 ਤੋਂ 31 ਦਸੰਬਰ 2015 ਤੱਕ 6 ਫ਼ੀ ਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਮਨਜ਼ੂਰ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਕਤ ਸਮਾਂ ਸੀਮਾ ਵਿਚ 6 ਫ਼ੀ ਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ 356 ਕਰੋੜ ਰੁਪਏ ਹੈ। ਇਹ ਰਾਸ਼ੀ ਪੰਜਾਬ ਸਰਕਾਰ ਵਲੋਂ ਮਨਜ਼ੂਰ ਕਰ ਦਿਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਇਸ ਬਾਰੇ ਇਕ ਟਵੀਟ ਕਰ ਕੇ ਜਾਣਕਾਰੀ ਦਿਤੀ ਅਤੇ ਲਿਖਿਆ ਕਿ ਉਹ ਜੋ ਕਹਿੰਦੇ ਹਨ, ਉਹੀ ਕਰਦੇ ਹਨ।
ਇਹ ਵੀ ਪੜ੍ਹੋ: ਹਾਈਕੋਰਟ ਨੇ ਮਨਜ਼ੂਰ ਕੀਤੀ ਸੌਦਾ ਸਾਧ ਵਲੋਂ ਦਾਇਰ ਕੀਤੀ ਦਸਤਾਵੇਜ਼ ਦੀ ਮੰਗ ਵਾਲੀ ਪਟੀਸ਼ਨ
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, ''ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ....ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿਤੀ ਹੈ। 1 ਜੁਲਾਈ 2015 ਤੋਂ 31 ਦਸੰਬਰ 2015 ਤਕ ਦੇ 6 ਫ਼ੀ ਸਦੀ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿਤੀ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ''
ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।