
ਨਿਯਮਾਂ ਨੂੰ ਛਿਕੇ ਟੰਗ ਠੇਕਾ ਮੁਲਾਜ਼ਮਾਂ ਨੂੰ ਕੀਤਾ ਗਿਆ ਪੱਕਾ
ਚੰਡੀਗੜ੍ਹ : ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾ ਰਹੀ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਕਮੇਟੀਆਂ ਵਿਚ ਸੂਬਾ ਪੱਧਰ ’ਤੇ ਹੋਈ ਇਕ ਧੋਖਾਧੜੀ ਦਾ ਪਤਾ ਲੱਗਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਸੂਬੇ ਦੀਆਂ ਕਈ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਕਮੇਟੀਆਂ ਵਿਚ ਕੱਚੇ ਤੌਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਪੱਕਾ ਕੀਤਾ ਗਿਆ ਹੈ। ਇਸ ਦੇ ਲਈ ਨਾ ਸਿਰਫ਼ ਭ੍ਰਿਸ਼ਟ ਤਰੀਕਿਆਂ ਦੀ ਵਰਤੋਂ ਕੀਤੀ ਗਈ ਹੈ, ਸਗੋਂ ਨਿਯਮ-ਕਾਨੂੰਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ।
ਮਾਮਲਾ ਸਰਕਾਰ ਦੇ ਧਿਆਨ ਵਿਚ ਆਉਣ ਤੋਂ ਬਾਅਦ ਚੀਫ਼ ਸੈਕਟਰੀ ਵੱਲੋਂ ਵਿਜੀਲੈਂਸ ਬਿਊਰੋ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਗਿਆ ਸੀ। ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਤੋਂ ਉਨ੍ਹਾਂ ਮੁਲਾਜ਼ਮਾਂ ਦੇ ਵੇਰਵੇ ਮੰਗੇ ਗਏ, ਜਿਨ੍ਹਾਂ ਨੂੰ ਪਿਛਲੇ ਕੁੱਝ ਸਮੇਂ ਦੌਰਾਨ ਹੀ ਕੱਚੇ ਮੁਲਾਜ਼ਮਾਂ ਤੋਂ ਪੱਕਾ ਕੀਤਾ ਗਿਆ ਹੈ। ਪੰਚਾਇਤ ਵਿਭਾਗ ਨੇ ਪੂਰੇ ਸੂਬੇ ਵਿਚ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਕਮੇਟੀਆਂ ਵਿਚ ਅਜਿਹੇ 138 ਮੁਲਾਜ਼ਮਾਂ ਦੀ ਸੂਚੀ ਤਿਆਰ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।
ਵਿਜਿਲੈਂਸ ਬਿਊਰੋ ਨੇ ਉਕਤ ਸੂਚੀ ਨੂੰ ਹਿੱਸਿਆਂ ਵਿਚ ਵੰਡ ਕੇ ਸਬੰਧਿਤ ਵਿਜੀਲੈਂਸ ਬਿਊਰੋ ਐੱਸ.ਐੱਸ.ਪੀ. ਨੂੰ ਭੇਜ ਦਿੱਤਾ ਹੈ ਤਾਂ ਕਿ ਸਬੰਧਤ ਮੁਲਾਜ਼ਮਾਂ ਦੀ ਸਥਾਨਕ ਪੱਧਰ ’ਤੇ ਜਾਂਚ ਕਰਕੇ ਤੱਥਾਂ ’ਤੇ ਆਧਾਰਤ ਰਿਪੋਰਟ ਤਿਆਰ ਕੀਤੀ ਜਾ ਸਕੇ। ਵਿਜੀਲੈਂਸ ਬਿਊਰੋ ਇਸ ਘਪਲੇ ਵਿਚ ਸ਼ਾਮਲ ਮੁਲਾਜ਼ਮਾਂ ਦੇ ਨਾਲ-ਨਾਲ ਉਨ੍ਹਾਂ ਅਧਿਕਾਰੀਆਂ ’ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੇ ਚੋਰ ਮੋਰੀ ਦੀ ਵਰਤੋਂ ਕਰਕੇ ਇਨ੍ਹਾਂ ਨੂੰ ਪੱਕੇ ਮੁਲਾਜ਼ਮ ਬਣਾਇਆ ਹੈ।