
ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ ਲਗਭੱਗ 50 ਹਜ਼ਾਰ ਬੂਟੇ ਵੰਡੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
ਮੋਗਾ, 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ ਲਗਭੱਗ 50 ਹਜ਼ਾਰ ਬੂਟੇ ਵੰਡੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਦੱਸਿਆ ਕਿ ਬਰਸਾਤ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਇੱਕ ਨਿਵੇਕਲੀ ਪਹਿਲ ਕਰਦਿਆਂ 'ਆਈ ਹਰਿਆਲੀ' ('-8') ਐਪ ਸ਼ੁਰੂ ਕੀਤੀ ਹੈ।
ਉਨਾਂ ਦੱਸਿਆ ਕਿ ਇਸ ਐਪ ਰਾਹੀਂ ਕਿਸੇ ਵੀ ਵਿਅਕਤੀ ਵੱਲੋਂ ਬੂਟੇ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਐਪ ਰਾਹੀਂ ਘਰ ਬੈਠਿਆਂ ਹੀ ਸੂਬੇ ਦਾ ਕੋਈ ਵੀ ਨਾਗਰਿਕ ਇੱਕ ਬਟਨ ਦੇ ਕਲਿੱਕ ਰਾਹੀਂ ਆਸਾਨੀ ਨਾਲ ਬੂਟੇ ਬੁੱਕ ਕਰਵਾ ਸਕਦਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਬੂਟੇ ਦੇ ਵੱਡਾ ਹੋਣ ਤੱਕ ਉਸ ਦੀ ਸੰਭਾਲ ਵੀ ਯਕੀਨੀ ਬਣਾਈ ਜਾਵੇ।
ਉਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹ ਬੂਟੇ ਮੁਫ਼ਤ ਪ੍ਰਾਪਤ ਕਰਨ ਲਈ ਜਿਲੇ ਦੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲਾ ਵਣ ਰੇਂਜ ਅਫ਼ਸਰ ਬਲਜੀਤ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਵਿੱਚ ਮਗਨਰੇਗਾ ਤਹਿਤ ਲਗਭੱਗ 2 ਲੱਖ ਅਤੇ ਗਰੀਨ ਪੰਜਾਬ ਮਿਸ਼ਨ ਤਹਿਤ ਇੱਕ ਲੱਖ ਬੂਟੇ ਵੰਡੇ ਜਾਣਗੇ ਅਤੇ ਜਨਤਕ ਥਾਵਾਂ 'ਤੇ ਵੀ ਲਗਾਏ ਜਾਣਗੇ।
ਉਨਾਂ ਕਿਹਾ ਕਿ 'ਆਈ ਹਰਿਆਲੀ' ਐਪ ਤੋਂ ਇਲਾਵਾ ਵੀ ਜ਼ਿਲਾ ਵਾਸੀ ਆਪਣੀ ਨੇੜਲੀ ਸਰਕਾਰੀ ਨਰਸਰੀ ਤੋਂ ਬੂਟੇ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਜ਼ਿਲੇ 'ਚ ਅਜੀਤਵਾਲ, ਡਰੋਲੀ ਭਾਈ, ਸਮਾਲਸਰ, ਕੋਟ ਈਸੇ ਖਾਂ ਅਤੇ ਘੋਲੀਆ ਕਲਾਂ ਸਥਿਤ 5 ਨਰਸਰੀਆਂ ਵੱਲੋਂ ਤਿਆਰ ਕਰਕੇ ਬੂਟੇ ਵੰਡੇ ਜਾਣਗੇ ਅਤੇ ਲੋਕ ਇਨਾਂ ਨਰਸਰੀਆਂ ਤੋਂ ਮੁਫ਼ਤ ਪੌਦੇ ਪ੍ਰਾਪਤ ਕਰ ਸਕਦੇ ਹਨ।