
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਕਥਿਤ ਤੌਰ 'ਤੇ ਤੰਗ ਕਰਨ ਅਤੇ ਧਮਕਾਉਣ ਤੋਂ ਵਰਜਦਿਆਂ...........
ਚੰਡੀਗੜ੍ਹ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਕਥਿਤ ਤੌਰ 'ਤੇ ਤੰਗ ਕਰਨ ਅਤੇ ਧਮਕਾਉਣ ਤੋਂ ਵਰਜਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਾਸਤੇ ਬਦਲਾਖੋਰੀ ਦੇ ਹਥਿਆਰ ਬਣਨ ਲਈ ਨਿਜੀ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਪ੍ਰੈਸ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ ਵਿਚ ਇਸ ਗੱਲ ਦਾ ਪਤਾ ਲੱਗਾ ਹੈ ਕਿ ਵਿਜੀਲੈਂਸ ਵਿਭਾਗ ਦੁਆਰਾ ਅਕਾਲੀਆਂ ਨੂੰ ਨਿਸ਼ਾਨਾ ਬਣਾਉਣ ਲਈ ਉਨ੍ਹਾਂ ਵਿਰੁਧ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ।
ਇਹ ਸੱਭ ਕੁੱਝ ਖ਼ਾਸ ਅਕਾਲੀ ਆਗੂਆਂ ਅਤੇ ਵਰਕਰਾਂ ਵਿਰੁਧ ਬਦਲਾਖੋਰੀ ਵਜੋਂ ਅਤੇ ਆਮ ਅਕਾਲੀ ਵਰਕਰਾਂ ਨੂੰ ਡਰਾ ਕੇ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਦਾ ਸਮਰਥਨ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਬਾਦਲ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਜੋ ਅਕਾਲੀਆਂ ਉਤੇ ਅਤਿਆਚਾਰ ਕਰਨ ਵਾਸਤੇ ਕਾਂਗਰਸ ਪਾਰਟੀ ਦਾ ਹੱਥਠੋਕਾ ਬਣਿਆ ਹੈ, ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ਮਗਰੋਂ, ਉਸ ਦੇ ਮਾੜੇ ਕਾਰਨਾਮਿਆਂ ਲਈ ਜਵਾਬਦੇਹ ਬਣਾਇਆ ਜਾਵੇਗਾ।
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜਦ ਉਹ ਝੂਠੇ ਅਪਰਾਧਿਕ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੰਦੇ ਹਨ ਤਾਂ ਉਨ੍ਹਾਂ ਅਤੇ ਅਪਰਾਧੀਆਂ ਵਿਚਲਾ ਅੰਤਰ ਖ਼ਤਮ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਦਰਭ ਵਿਚ ਝੂਠਾ ਮਾਮਲਾ ਦਰਜ ਕਰਨਾ ਕਿਸੇ ਅਪਰਾਧਕ ਗਤੀਵਿਧੀ ਵਿਚ ਭਾਗ ਲੈਣ ਬਰਾਬਰ ਹੁੰਦਾ ਹੈ।