
ਕੈਪਟਨ ਦੇ ਕਵਰਿੰਗ ਉਮੀਦਵਾਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਾਂਗਰਸ ਨੂੰ ਅਲਵਿਦਾ
ਲੰਬੀ, 23 ਜੁਲਾਈ (ਗੁਰਮੀਤ ਸਿੰਘ ਮੱਕੜ) : ਲੰਬੀ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ’ਚ ਨਿਧੜਕ ਹੋ ਕੇ ਕਾਂਗਰਸ ਪਾਰਟੀ ਵਿਚ ਅਪਣੀਆਂ ਸੇਵਾਵਾਂ ਦੇਣ ਵਾਲੇ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਵਰਿੰਗ ਉਮੀਦਵਾਰ ਵਜੋਂ ਵਿਚਰਣ ਵਾਲੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿਤਾ ਹੈ। ਇਹ ਫ਼ੈਸਲਾ ਉਨ੍ਹਾਂ ਨੇ ਅਪਣੇ ਨਿਵਾਸ ਸਥਾਨ ’ਤੇ ਅਪਣੇ ਸਮਰਥਕਾਂ ਨਾਲ ਮੀਟਿੰਗ ਕਰ ਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਆ ਹੈ।
ਜ਼ਿਕਰਯੋਗ ਹੈ ਕਿ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਨ ਅਤੇ ਉਨ੍ਹਾਂ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਬੀ ਹਲਕੇ ਦੀ ਚੋਣ ਲੜੀ ਸੀ ਤਾਂ ਜਥੇਦਾਰ ਖੁੱਡੀਆਂ ਨੂੰ ਉਨ੍ਹਾਂ ਦਾ ਕਵਰਿੰਗ ਉਮੀਦਵਾਰ ਬਣਾਇਆ ਗਿਆ ਸੀ। ਇਸ ਤੋਂ ਇਲਾਵਾ 2007 ਦੀਆਂ ਚੋਣਾਂ ਦੌਰਾਨ ਸ. ਮਹੇਸ਼ਇੰਦਰ ਬਾਦਲ ਅਤੇ ਸ. ਪ੍ਰਕਾਸ਼ ਸਿੰਘ ਬਦਾਲ ਦੀ ਫ਼ਸਵੀਂ ਟੱਕਰ ਵਿਚ ਵੀ ਜਥੇਦਾਰ ਖੁੱਡੀਆਂ ਦੀ ਅਹਿਮ ਭੂਮਿਕਾ ਰਹੀ ਸੀ। ਪਾਰਟੀ ਛੱਡਣ ਉਪਰੰਤ ਉਨ੍ਹਾਂ ਵਲੋਂ ਕਿਸੇ ਹੋਰ ਪਾਰਟੀ ਨਾਲ ਜੁੜਣ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ, ਪ੍ਰੰਤੂ ਸੂਤਰਾਂ ਮੁਤਾਬਕ ਕਈ ਪਾਰਟੀਆਂ ਉਨ੍ਹਾਂ ਦੇ ਸੰਪਰਕ ਵਿਚ ਹਨ, ਜਿਸ ਵਿਚ ਆਮ ਆਦਮੀ ਪਾਰਟੀ ਦਾ ਨਾਮ ਜ਼ੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਸ਼ਾਇਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ, ਪ੍ਰੰਤੂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਉਹ ਕਿਸ ਪਾਰਟੀ ਵਿਚ ਸ਼ਾਮਲ ਹੋਣਗੇ।
ਇਸ ਸਬੰਧੀ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਟੀ ਛੱਡਣ ਦੇ ਬਹੁਤ ਸਾਰੇ ਕਾਰਨ ਹਨ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇਕ ਬਹੁਤ ਵੱਡਾ ਕਾਰਨ ਹੈ, ਜਿਸ ਵਿਚ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ ਅਤੇ ਇਨਸਾਫ਼ ਕੀਤਾ ਜਾਵੇਗਾ, ਉਹ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੁੱਦਾ ਪੰਜਾਬ ਵਿਚ ਨਸ਼ਿਆਂ ਦਾ ਹੈ, ਜਿਸ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਕਾਂਗਰਸ ਸਰਕਾਰ ਵਲੋਂ ਉਹ ਵੀ ਖ਼ਤਮ ਨਹੀਂ ਕੀਤੇ, ਕਿਸਾਨੀ ਕਰਜ਼ੇ ਦੇ ਸਬੰਧ ਵਿਚ ਜੋ ਲੋਕ ਅਫ਼ਸਰਸ਼ਾਹੀ ਨਾਲ ਰਲੇ ਸਨ, ਉਹ ਅਪਣਾ ਕਰਜ਼ਾ ਮੁਆਫ਼ ਕਰਵਾ ਗਏ, ਪ੍ਰੰਤੂ ਲੰਬੀ ਹਲਕੇ ਦੇ ਛੋਟੇ ਕਿਸਾਨ ਜਿਨ੍ਹਾਂ ਨੂੰ ਜ਼ਰੂਰਤ ਸੀ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਖਾਸ ਕਰ ਕਾਂਗਰਸ ਪਾਰਟੀ ਵਲੋਂ ਲੰਬੀ ਹਲਕੇ ਦੇ ਵਰਕਰਾਂ ਨਾਲ ਜੋ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਉਹ ਕਾਫ਼ੀ ਸਮੇਂ ਤੋਂ ਚੁੱਪ ਬੈਠੇ ਸਨ, ਪ੍ਰੰਤੂ ਹੁਣ ਉਨ੍ਹਾਂ ਨੂੰ ਵਰਕਰਾਂ ਦੇ ਹਿਤ ਲਈ ਪਾਰਟੀ ਤੋਂ ਪਾਸੇ ਹੋਣਾ ਪਿਆ।
ਹੋਰ ਪਾਰਟੀ ਵਿਚ ਸ਼ਾਮਲ ਹੋਣ ਦੇ ਪੁੱਛੇ ਸਵਾਲ ਵਿਚ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਜੋ ਫ਼ੈਸਲਾ ਹੋਵੇਗਾ, ਉਸ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੀ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਵੀ ਗੱਲਬਾਤ ਹੋਈ ਹੈ ਅਤੇ ਸ. ਸਿੱਧੂ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਨਾਰਾਜ਼ਗੀ ਹੈ ਉਹ ਉਨ੍ਹਾਂ ਦੀ ਝੋਲੀ ਪਾਈ ਜਾਵੇ ਅਤੇ ਉਹ ਰਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ 2018 ਵਿਚ ਹੋਈ ਲੰਬੀ ਰੈਲੀ ਵਿਚ ਵੀ ਉਨ੍ਹਾਂ ਨੇ ਲੰਬੀ ਹਲਕੇ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ, ਪ੍ਰੰਤੂ ਫਿਰ ਵੀ ਉਨ੍ਹਾਂ ਦੇ ਹਲਕੇ ਦੀ ਅਣਦੇਖੀ ਕੀਤੀ ਗਈ। ਜਦੋਂ ਉਨ੍ਹਾਂ ਦੇ ਅਸਤੀਫ਼ੇ ਬਾਰੇ ਨਵ ਨਿਯੁਕਤ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ।
ਫੋਟੋਫਾਇਲ ਨੰ:-23ਐਮਐਲਟੀ04
ਕੈਂਪਸ਼ਨ:-ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ।
ਤਸਵੀਰ:-ਗੁਰਮੀਤ ਸਿੰਘ ਮੱਕੜ, ਲੰਬੀ।