ਬਿਜਲੀ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਚੰਡੀਗੜ੍ਹ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਅੱਜ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਹੋਰ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਭਰਤੀ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਅਪਣਾਈ ਗਈ ਨੀਤੀ ਤਹਿਤ ਬਿਜਲੀ ਵਿਭਾਗ ਨੇ ਵੀ ਵਿਭਾਗ ਵਿੱਚ ਕੰਮ ਕਰ ਰਹੇ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਪ੍ਰਕ੍ਰਿਆ ਆਰੰਭ ਦਿੱਤੀ ਹੈ।
ਇਸ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਮੁਲਾਜ਼ਮਾ ਏਕਤਾ ਮੰਚ, ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਰੰਟ, ਪਾਵਰਕੌਮ ਆਊਟਸੋਰਸ ਟੈਕਨੀਕਲ/ ਆਫਿਸ ਵਰਕਰ ਐਸੋਸੀਏਸ਼ਨ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਜਥੇਬੰਦੀਆਂ ਨੂੰ ਹੁਣ ਤੱਕ ਵਿਭਾਗ ਵੱਲੋਂ ਜਿੰਨ੍ਹਾਂ ਮੰਗਾਂ ਤੇ ਹਾਂ ਪੱਖੀ ਫੈਸਲੇ ਲਏ ਗਏ ਹਨ ਲਈ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਵਿੱਤ ਨਾਲ ਸਬੰਧਤ ਮੰਗਾਂ ਨੂੰ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ ਅਤੇ ਉਹ ਖੁਦ ਲਗਾਤਾਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਦੇ ਜਲਦੀ ਹੱਲ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਿੰਨ੍ਹਾਂ ਮਾਮਲਿਆਂ ਵਿੱਚ ਕੋਈ ਕਾਨੂੰਨੀ ਅੜਚਨ ਹੈ ਉਸ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਸਲਾਹ ਲਈ ਜਾ ਰਹੀ ਹੈ। ਇੰਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ. ਐਲ ਦੇ ਸੀ.ਐਮ.ਡੀ. ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਚ.ਆਰ. ਇੰਜ. ਰਵਿੰਦਰ ਸਿੰਘ ਸੈਣੀ ਅਤੇ ਡਾਇਰੈਕਟਰ ਵਿੱਤ ਸ੍ਰੀ ਐਸ. ਕੇ. ਬੇਰੀ ਵੀ ਹਾਜਿਰ ਸਨ।