
ਪ੍ਰਵਾਰਕ ਮੈਂਬਰਾਂ ਵਲੋਂ ਕਾਰ ਚਾਲਕ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਤਰਨਤਾਰਨ: ਤਰਨਤਾਰਨ ਵਿਚ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੋ ਨੌਜੁਆਨਾਂ ਦੀ ਮੌਤ ਹੋ ਗਈ ਹੈ, ਜਦ ਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ।
ਮਰਨ ਵਾਲਿਆਂ ਦੀ ਪਛਾਣ ਤਰਨਤਾਰਨ ਦੇ ਮੁਹੱਲਾ ਕਾਜ਼ੀ ਕੋਟ ਨਿਵਾਸੀ ਲਵਪ੍ਰੀਤ ਸਿੰਘ (17) ਪੁੱਤਰ ਬਲਵੀਰ ਸਿੰਘ, ਹਰਪ੍ਰੀਤ ਸਿੰਘ (28) ਪੁੱਤਰ ਬਲਦੇਵ ਸਿੰਘ ਵਜੋਂ ਹੋਈ ਹੈ। ਹਾਦਸੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਵਿਚ ਦਿਖਾਈ ਦੇ ਰਿਹਾ ਹੈ ਕਿ ਰਾਤ ਕਰੀਬ 9 ਵਜੇ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਉਤੇ ਜਾ ਰਹੇ ਤਿੰਨ ਨੌਜੁਆਨਾਂ ਨੂੰ ਪਿੱਛੇ ਤੋਂ ਟੱਕਰ ਮਾਰੀ ਦਿਤੀ ਗਈ। ਤਿੰਨੋਂ ਨੌਜੁਆਨ ਸੜਕ ਉਤੇ ਡਿੱਗ ਜਾਂਦੇ ਹਨ ਤੇ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਲਵਪ੍ਰੀਤ ਤੇ ਹਰਪ੍ਰੀਤ ਨੇ ਦਮ ਤੋੜ ਦਿਤਾ।
ਮ੍ਰਿਤਕਾਂ ਦੇ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਨੌਜੁਆਨ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਪ੍ਰਵਾਰਕ ਮੈਂਬਰਾਂ ਵਲੋਂ ਕਾਰ ਚਾਲਕ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ, ਪੁਲਿਸ ਵਲੋਂ ਹਾਦਸੇ ਤੋਂ ਬਾਅਦ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਥਾਣਾ ਮੁਖੀ ਬਲਜੀਤ ਕੌਰ ਨੇ ਦਸਿਆ ਕਿ ਪੁਲਿਸ ਵਲੋਂ ਉਕਤ ਹਾਦਸੇ ਦੇ ਸਬੰਧ ਵਿਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।