''ਮੈਨੂੰ ਬਹੁਤ ਸਾਰੀਆਂ ਭ੍ਰਿਸ਼ਟਾਚਾਰ ਬਾਬਤ ਸ਼ਿਕਾਇਤਾਂ ਮਿਲੀਆਂ ਹਨ, ਤੁਸੀਂ ਮੈਨੂੰ ਬਿਨ੍ਹਾਂ ਦੇਰੀ ਇਸ 'ਤੇ ਜਵਾਬ ਦਿਓ''
ਚੰਡੀਗੜ੍ਹ : ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਪੱਤਰ ਭੇਜਿਆ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਵਲੋਂ 19 ਅਤੇ 20 ਜੂਨ ਨੂੰ ਬੁਲਾਇਆ ਗਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨਹੀਂ ਸਗੋਂ ਮਾਹਿਰਾਂ ਦੀ ਰਾਏ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਜਪਾਲ ਦੇ ਪੱਤਰਾਂ ਨੂੰ ਵਿਧਾਨ ਸਭਾ ਵਿਚ ‘ਲਵ ਲੈਟਰ’ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ। ਉਨ੍ਹਾਂ ਨੂੰ ਇਸ ਦਾ ਵੀ ਜਵਾਬ ਦਿਓ। ਸੰਵਿਧਾਨ ਮੁਤਾਬਕ ਉਹ ਰਾਜਪਾਲ ਨੂੰ ਜਵਾਬਦੇਹ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਅਤੇ 20 ਜੂਨ ਨੂੰ ਬੁਲਾਇਆ ਗਿਆ ਸੀ ਅਤੇ ਚਾਰ ਬਿੱਲ ਪਾਸ ਕੀਤੇ ਗਏ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਰਾਜਪਾਲ ਨੂੰ ਇਨ੍ਹਾਂ ਚਾਰ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ, ਪਰ ਰਾਜਪਾਲ ਨੇ ਸਾਫ਼ ਇਨਕਾਰ ਕਰ ਦਿਤਾ ਅਤੇ ਕਿਹਾ ਕਿ ਉਹ ਅਟਾਰਨੀ ਜਨਰਲ ਅਤੇ ਹੋਰ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਨ ਕਿ ਇਨ੍ਹਾਂ ਬਿੱਲਾਂ ਬਾਰੇ ਅੰਤਿਮ ਫੈਸਲਾ ਕੀ ਹੋਣਾ ਚਾਹੀਦਾ ਹੈ?
ਇਹ ਵੀ ਪੜ੍ਹੋ : ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ
ਇਸ ਤੋਂ ਬਾਅਦ 15 ਜੁਲਾਈ ਨੂੰ ਮੁੱਖ ਮੰਤਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਚਾਰ ਬਿੱਲਾਂ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇਣ ਲਈ ਕਿਹਾ ਸੀ। ਮੁੱਖ ਮੰਤਰੀ ਦੇ ਪੱਤਰ ਦੇ ਜਵਾਬ ਵਿਚ ਰਾਜਪਾਲ ਨੇ ਲਿਖਿਆ ਸੀ ਕਿ ਮੇਰੇ ਕੋਲ ਇਹ ਮੰਨਣ ਦਾ ਪੂਰਾ ਕਾਰਨ ਹੈ ਕਿ ਵਿਧਾਨ ਸਭਾ ਸੈਸ਼ਨ, ਜਿਸ ਵਿਚ ਚਾਰ ਬਿੱਲ ਪਾਸ ਕੀਤੇ ਗਏ ਸਨ, ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਸੀ।" ਇਸ ਨਾਲ ਉਨ੍ਹਾਂ ਬਿੱਲਾਂ ਦੀ ਕਾਨੂੰਨੀਤਾ 'ਤੇ ਸ਼ੱਕ ਪੈਦਾ ਹੁੰਦਾ ਹੈ। ਰਾਜਪਾਲ ਇਥੇ ਹੀ ਨਹੀਂ ਰੁਕੇ।
ਉਨ੍ਹਾਂ ਅੱਗੇ ਲਿਖਿਆ ਕਿ ਤੁਹਾਡੀ ਚਿੱਠੀ ਤੋਂ ਸਪੱਸ਼ਟ ਹੁੰਦਾ ਹੈ ਕਿ ਤੁਸੀਂ ਇੱਕ ਖਾਸ ਸਿਆਸੀ ਪਰਿਵਾਰ ਦੀਆਂ ਕੁਝ ਕਾਰਵਾਈਆਂ ਤੋਂ ਚਿੰਤਤ ਹੋ, ਜਿਸ ਕਾਰਨ ਤੁਹਾਨੂੰ ਵਿਧਾਨ ਸਭਾ ਵਿੱਚ ਉਨ੍ਹਾਂ ਵਿਰੁੱਧ ਬਿੱਲ ਪਾਸ ਕਰਵਾਉਣ ਲਈ ਪ੍ਰੇਰਿਆ ਗਿਆ ਹੈ। ਇਹ ਵੀ ਚਿੰਤਾ ਦਾ ਵਿਸ਼ਾ ਹੈ। ਰਾਜਪਾਲ ਨੇ ਕਿਹਾ ਕਿ ਮੈਨੂੰ ਬਹੁਤ ਸਾਰੀਆਂ ਭ੍ਰਿਸ਼ਟਾਚਾਰ ਬਾਬਤ ਸ਼ਿਕਾਇਤਾਂ ਮਿਲੀਆਂ ਹਨ, ਤੁਸੀਂ ਮੈਨੂੰ ਬਿਨ੍ਹਾਂ ਦੇਰੀ ਇਸ 'ਤੇ ਜਵਾਬ ਦਿਓ।
ਇਹ ਵੀ ਪੜ੍ਹੋ : ਗੁਜਰਾਤ ਵਿਚ ਜੂਨਾਗੜ੍ਹ 'ਚ ਢਹਿ-ਢੇਰੀ ਹੋਈ ਦੋ ਮੰਜ਼ਿਲਾ ਇਮਾਰਤ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਪਹਿਲੇ ਦਿਨ ਤੋਂ ਹੀ ਟਕਰਾਅ ਚੱਲ ਰਿਹਾ ਹੈ। ਦੋਵਾਂ ਵਿਚਾਲੇ ਕਈ ਮੁੱਦਿਆਂ 'ਤੇ ਗੰਭੀਰ ਟਕਰਾਅ ਹੋ ਚੁੱਕਾ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੁਰੋਹਿਤ ਵਿਚਕਾਰ ਕਾਨੂੰਨੀ ਮੁੱਦਿਆਂ 'ਤੇ ਵੀ ਜਿੰਨਾ ਪੱਤਰ ਵਿਹਾਰ ਹੋਇਆ ਹੈ, ਪੰਜਾਬ ਵਿਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਭਗਵੰਤ ਮਾਨ ਦਾ ਦੋਸ਼ ਹੈ ਕਿ ਰਾਜਪਾਲ ਕੇਂਦਰ ਦੇ ਇਸ਼ਾਰੇ 'ਤੇ ਰਾਜਨੀਤੀ ਕਰ ਰਹੇ ਹਨ।