
ਸੁਖਬੀਰ ਬਾਦਲ ਨੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ
Punajab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਨ। ਸੁਖਬੀਰ ਬਾਦਲ ਨੇ ਬੰਦ ਲਿਫਾਫੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਲਿਖਤੀ ਜਵਾਬ ਸੌਂਪਿਆ ਹੈ। ਉਨ੍ਹਾਂ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ।
ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਾਨੂੰ ਸੁਖਬੀਰ ਸਿੰਘ ਬਾਦਲ ਦਾ ਜਵਾਬ ਮਿਲਿਆ ਹੈ , ਜਿਸ ਨੂੰ 5 ਸਿੰਘ ਸਹਿਬਾਨਾਂ ਦੀ ਮੀਟਿੰਗ 'ਚ ਪੜ੍ਹਾਂਗੇ। ਉਨ੍ਹਾਂ ਕਿਹਾ ਕਿ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ। 5 ਸਿੰਘ ਸਹਿਬਾਨਾਂ ਦੀ ਮੀਟਿੰਗ ਕੁੱਝ ਦਿਨਾਂ 'ਚ ਹੋਵੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣਾ ਲਿਖਤੀ ਜਵਾਬ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਆਪਣਾ ਫ਼ੈਸਲਾ ਸੁਣਾਉਣਗੇ।