ਅਨਮੋਲ ਅਜੇ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਲੁਧਿਆਣਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਵਿਖੇ ਛੱਤ ਡਿਗਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮਾਮਲੇ ਵਿਚ ਮੁਲਜ਼ਮ ਠੇਕੇਦਾਰ ਅਨਮੋਲ ਕਤਿਆਲ ਵਿਰੁਧ ਕਾਰਵਾਈ ਕੀਤੀ ਗਈ ਹੈ। ਅਨਮੋਲ ਖ਼ਿਲਾਫ਼ ਥਾਣਾ ਮੁੱਲਾਂਪੁਰ ਦਾਖਾ ਵਿਖੇ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਨਮੋਲ ਅਜੇ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: ਚੰਦਰਯਾਨ 3: ‘ਸਾਈਕਲ ਤੋਂ ਚੰਨ ਤਕ’…ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਇਹ ਤਸਵੀਰ
ਇਸ ਦੇ ਨਾਲ ਹੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿਤੇ ਗਏ ਹਨ। ਦਸਿਆ ਜਾ ਰਿਹਾ ਹੈ ਕਿ ਅਨਮੋਲ ਦੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੰਗੀ ਜਾਣ-ਪਛਾਣ ਹੈ। ਇਸ ਦੇ ਨਾਲ ਹੀ ਸਕੂਲ ਦਾ ਲੈਂਟਰ ਡਿੱਗਣ ਕਾਰਨ ਇਸ ਹਾਦਸੇ ਵਿਚ ਇਕ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਹੋ ਗਈ ਹੈ, ਜਦਕਿ ਨਰਿੰਦਰਜੀਤ ਕੌਰ, ਸੁਖਜੀਤ ਕੌਰ ਅਤੇ ਇੰਦੂ ਰਾਣੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ: ਅਫ਼ਗਾਨਿਸਤਾਨ ’ਚ ਸਿੱਖ ਵੀ ਮੁਸਲਮਾਨਾਂ ਵਾਂਗ ਕਪੜੇ ਪਾਉਣ ਲਈ ਮਜਬੂਰ
ਜ਼ਖ਼ਮੀ ਅਧਿਆਪਕਾਂ ਨੂੰ ਮਿਲਣ ਮਗਰੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦਸਿਆ ਕਿ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਠੇਕੇਦਾਰ ਵਿਰੁਧ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੇ ਹੁਕਮ ਦਿਤੇ ਹਨ। ਡਿਪਟੀ ਕਮਿਸ਼ਨਰ ਮਲਿਕ ਨੇ ਇਹ ਵੀ ਕਿਹਾ ਕਿ ਸਕੂਲ ਦੀ ਇਮਾਰਤ ਦੇ ਸੁਰੱਖਿਆ ਮੁਲਾਂਕਣ ਦੇ ਆਦੇਸ਼ ਦਿਤੇ ਗਏ ਅਤੇ ਇਮਾਰਤ ਨੂੰ ਵੀ ਸੀਲ ਕਰ ਦਿਤਾ ਗਿਆ ਹੈ। ਉਨ੍ਹਾਂ ਸਕੂਲ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੀਖਿਆ ਪੂਰੀ ਹੋਣ ਤੱਕ ਸਕੂਲ ਦੀ ਇਮਾਰਤ ਦੇ ਨੇੜੇ ਨਾ ਜਾਣ।
ਇਹ ਵੀ ਪੜ੍ਹੋ: ਪੰਜਾਬ ਵਿਚ ਹੜ੍ਹਾਂ ਤੋਂ ਬਚਿਆ ਕਿਵੇਂ ਜਾ ਸਕਦਾ ਹੈ
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਮਲਬੇ ਹੇਠ ਫਸੇ ਚਾਰ ਅਧਿਆਪਕਾਂ ਨੂੰ ਬਚਾਉਣ ਲਈ ਇੰਡੋ ਤਿੱਬਤ ਪੁਲਿਸ ਫੋਰਸ (ਆਈ.ਟੀ.ਬੀ.ਪੀ.) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਦੇ ਜਵਾਨਾਂ ਨੂੰ ਬੁਲਾਇਆ ਗਿਆ। ਉਨ੍ਹਾਂ ਦਸਿਆ ਕਿ ਅਧਿਆਪਕਾਂ ਨੂੰ ਟੀਮਾਂ ਨੇ ਬਾਹਰ ਕਢਿਆ ਅਤੇ ਤੁਰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਵਿਚੋਂ ਇਕ ਰਵਿੰਦਰ ਕੌਰ (45) ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਡਿਪਟੀ ਕਮਿਸ਼ਨਰ ਮਲਿਕ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ।