
ਕਿਹਾ : ਪੰਜਾਬ ਸਰਕਾਰ ਵੱਲੋਂ ਪਿੰਡ ਵਾਸੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ
village of Muhar Jamsher news : ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡ ਸਤਲੁਜ ਦੇ ਪਾਣੀ ਦੀ ਲਪੇਟ ਵਿਚ ਆਏ ਹੋਏ ਹਨ। ਸਤਲੁਜ ਦੇ ਪਾਣੀ ’ਚ ਡੁੱਬੇ ਪਿੰਡ ਮੁਹਾਰ ਜਮਸ਼ੇਰ ਤੋਂ ਕੁੱਝ ਤਸਵੀਰਾਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕਰਨ ਲਈ ਪਹੁੰਚੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਟਰੈਕਟਰ ’ਤੇ ਸਵਾਰ ਹੋ ਕੇ ਉਹ ਪਿੰਡ ਵਿੱਚ ਦਾਖਿਲ ਹੋਏ ਅਤੇ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਵਾਸੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪਿੰਡ ਤਿੰਨ ਪਾਸਿਓਂ ਪਾਕਿਸਤਾਨ ਦੇ ਨਾਲ ਘਿਰਿਆ ਹੋਇਆ ਹੈ ਅਤੇ ਪਿੰਡ ਦਾ ਚੌਥਾ ਪਾਸਾ ਹਿੰਦੁਸਤਾਨ ਵੱਲ ਹੈ। ਭਾਰਤ-ਪਾਕਿਸਤਾਨ ਕੌਮਾਂਤਰੀ ਤਾਰਾਬੰਦੀ ਵਿਚਾਲੇ ਫੈਂਸਿੰਗ ਗੇਟ ਲੱਗਦਾ ਹੈ। ਜਿੱਥੋਂ ਇਹ ਲੋਕ ਆਉਂਦੇ ਜਾਂਦੇ ਹਨ । ਸਿਹਤ ਮੰਤਰੀ ਨੇ ਪਿੰਡ ਵਾਸੀਆਂ ਨੂੰ ਲੋੜੀਂਦੀਆਂ ਵਸਤੂਆਂ ਸਮੇਤ ਪਸ਼ੂਆਂ ਲਈ ਫੀਡ ਆਦਿ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਸਿਹਤ ਮੰਤਰੀ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।