
ਕਿਹਾ : ਗੁਰਬਾਣੀ ਅਨੁਸਾਰ ਹੀ ਸਾਨੂੰ ਸਾਰਿਆਂ ਨੂੰ ਆਪਣਾ ਜੀਵਨ ਕਰਨਾ ਚਾਹੀਦਾ ਹੈ ਬਤੀਤ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈਸਵੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਅਤੇ ਬਾਬਾ ਬੁੱਢਾ ਜੀ ਵੱਲੋਂ ਪਹਿਲਾ ਮਹਾਂਵਾਕ ਲਿਆ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇ ਘਰ ਅੰਦਰ ਸਭ ਨੂੰ ਮੁਹੱਬਤ ਕਰਨੀ ਸਿਖਾਈ ਜਾਂਦੀ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣਾ ਜੀਵਨ ਗੁਰਬਾਣੀ ਅਨੁਸਾਰ ਹੀ ਬਤੀਤ ਕਰਨਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿਧਾਂਤਾਂ ’ਤੇ ਚੱਲਣਾ ਚਾਹੀਦਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਸ਼ ਅਤੇ ਵਿਦੇਸ਼ਾਂ ਤੋਂ ਬਹੁਤ ਸਾਰੀਆਂ ਚਿੱਠੀਆਂ ਆਉਂਦੀਆਂ ਹਨ ਕਿ ਸਾਨੂੰ ਗੁਰਦੁਆਰਾ ਸਾਹਿਬ ਵਿਖੇ ਜਾਣ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਣੀ ਮਾਤਰ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਨਿੱਜੀ ਰੰਜਿਸ਼ਾਂ ਜਾਂ ਕਮੇਟੀਆਂ ਦੇ ਝਗੜਿਆਂ ਕਾਰਨ ਅਜਿਹਾ ਕਰਦੇ ਹਾਂ ਤਾਂ ਇਹ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਵੀ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਸੰਦੇਸ਼ ਜਾਰੀ ਕੀਤਾ ਗਿਆ ਸੀ ਕਿ ਕਿਸੇ ਵੀ ਪ੍ਰਾਣੀ ਮਾਤਰ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ, ਕਿਉਂਕਿ ਗੁਰੂ ਨਾਨਕ ਦਾ ਦਰ ਤਾਂ ਸਭ ਲਈ ਹਮੇਸ਼ਾ ਖੁੱਲ੍ਹਾ ਹੈ।