
ਕਿਹਾ - ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਪਹਿਲਾਂ ਹੀ ਅੰਬਰੀਂ ਚੜ੍ਹੀਆਂ ਹੋਈਆਂ ਹਨ ਅਤੇ ਹੁਣ ਇਨ੍ਹਾਂ ਮੁਸੀਬਤਾਂ ਨੇ ਸੱਤਾਧਿਰ ਕਾਂਗਰਸ ਦਾ ਬੂਹਾ ਆ ਮੱਲਿਆ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਦਿੱਤੀ ਇਕ ਇੰਟਰਵਿਊ 'ਚ ਕਿਹਾ ਗਿਆ ਸੀ ਕਿ ਬੇਅਦਬੀ ਮਾਮਲਿਆਂ 'ਚ ਬਾਦਲ ਦੀ ਕੋਈ ਭੂਮਿਕਾ ਨਹੀਂ ਹੈ। ਪਰ ਅੱਜ ਕੈਪਟਨ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
Bargari Kand
ਇਕ ਅੰਗਰੇਜ਼ੀ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਕੈਪਟਨ ਨੇ ਕਿਹਾ ਸੀ ਕਿ ਜਦੋਂ ਤਕ ਪੂਰੀ ਜਾਂਚ ਨਾ ਹੋ ਜਾਵੇ ਉਦੋਂ ਤਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਸ ਸਮੇਂ ਬਹਿਬਲ ਕਲਾਂ ਤੇ ਕੋਟਕਪੂਰਾ ਵਿਚ ਗੋਲੀ ਚੱਲੀ ਉਸ ਸਮੇਂ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਅਤੇ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸੀ, ਹੋ ਸਕਦਾ ਹੈ ਗੋਲੀ ਚਲਾਉਣ ਦੀ ਇਜਾਜ਼ਤ ਮੁੱਖ ਮੰਤਰੀ ਵਲੋਂ ਦਿੱਤੀ ਗਈ ਹੋਵੇ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਸੀ ਕਿ ਜਿਥੋਂ ਤਕ ਭਾਗ ਪਹਿਲਾ ਬੇਅਦਬੀ ਦੀ ਗੱਲ ਹੈ ਤਾਂ ਇਸ ਵਿਚ ਪਰਕਾਸ਼ ਸਿੰਘ ਬਾਦਲ ਸ਼ਾਮਲ ਨਹੀਂ ਹਨ।
Captain Amrinder Singh
ਅੱਜ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਬੇਅਦਬੀ ਮਾਮਲੇ 'ਚੋਂ ਪਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿੱਟ ਨਹੀਂ ਦਿੱਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ, "ਮੈਂ ਇਹ ਨਹੀਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦਾ ਬੇਟਾ ਸੁਖਬੀਰ ਬਾਦਲ ਇਸ ਮਾਮਲੇ 'ਚ ਸ਼ਾਮਲ ਨਹੀਂ ਸੀ। ਇੰਟਰਵਿਊ ਤੋਂ ਸਪਸ਼ਟ ਹੈ ਮੈਂ ਸਿਰਫ਼ ਇਹ ਕਿਹਾ ਹੈ ਕਿ ਬਾਦਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖੁਦ ਨਹੀਂ ਕਰਦੇ ਪਰ ਇਸ ਨਾਲ ਉਨ੍ਹਾਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ।"
Parkash Singh Badal & Sukhbir Singh Badal
ਕੈਪਟਨ ਨੇ ਕਿਹਾ ਕਿ ਬਾਦਲ ਓਨੇ ਹੀ ਜ਼ਿੰਮੇਵਾਰ ਹਨ ਜਿੰਨਾ ਅਸਲ ਬੇਅਦਬੀ ਕਰਨ ਵਾਲਾ ਸੀ। ਉਨ੍ਹਾਂ ਕਿਹਾ ਕਿ ਬਾਦਲ ਨਾ ਸਿਰਫ਼ ਉਨ੍ਹਾਂ ਦੇ ਰਾਜ 'ਚ ਅਜਿਹੇ ਅਪਰਾਧਾਂ ਨੂੰ ਰੋਕਣ 'ਚ ਨਾਕਾਮਯਾਬ ਰਹੇ ਸਗੋਂ ਉਨ੍ਹਾਂ ਨੇ ਦੋਸ਼ੀਆਂ ਨੂੰ ਵੀ ਮੁਕਤ ਕਰਨ ਦੀ ਇਜਾਜ਼ਤ ਦਿੱਤੀ। ਮੁੱਖ ਮੰਤਰੀ ਨੇ ਆਪਣੇ ਬਿਆਨਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਅਤੇ ਗ਼ਲਤ ਮੋੜ ਦੇਣ ਦੀ ਕੋਸ਼ਿਸ਼ ਕਰਨ 'ਤੇ ਚਿੰਤਾ ਜ਼ਾਹਿਰ ਕੀਤੀ।