
ਜੰਮੂ-ਕਸ਼ਮੀਰ ਰਾਜ ਭਾਸ਼ਾ ਬਿਲ 2020 ਰਾਜ ਸਭਾ ਵਿਚ ਪਾਸ, ਪੰਜਾਬੀ ਨੂੰ ਕੀਤਾ ਦਰਕਿਨਾਰ
ਨਵੀਂ ਦਿੱਲੀ, 23 ਸਤੰਬਰ : ਜੰੰਮੂ-ਕਸ਼ਮੀਰ ਰਾਜ ਭਾਸ਼ਾ ਬਿਲ 2020 ਰਾਜ ਸਭਾ 'ਚ ਵੀ ਪਾਸ ਹੋ ਗਿਆ ਹੈ। ਇਸ ਬਿਲ 'ਚ ਉਰਦੂ ਅਤੇ ਅੰਗਰੇਜ਼ੀ ਨਾਲ ਡੋਗਰੀ, ਹਿੰਦੀ ਅਤੇ ਕਸ਼ਮੀਰੀ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੀ ਅਧਿਕਾਰਤ ਭਾਸ਼ਾਵਾ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ ਜਦ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ 'ਚੋਂ ਬਾਹਰ ਰਖਿਆ ਗਿਆ ਹੈ। ਵੱਖ-ਵੱਖ ਰਾਜਨੀਤਕ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਦੇ ਭਾਸ਼ਾ ਬਿਲ 'ਚ ਸ਼ਾਮਲ ਕਰਨ ਦੀਆਂ ਅਪੀਲਾਂ ਕੀਤੀਆਂ ਸਨ ਪਰ ਇਨ੍ਹਾਂ ਅਪੀਲਾਂ ਨੂੰ ਅਣਗੌਲਿਆਂ ਕਰਦੇ ਹੋਏ ਜੰਮੂ-ਕਸ਼ਮੀਰ ਦੇ ਭਾਸ਼ਾ ਬਿਲ 'ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕੀਤੇ ਬਿਨਾਂ ਪਾਸ ਕਰ ਦਿਤਾ ਗਿਆ ਹੈ। ਲੋਕ ਸਭਾ 'ਚ ਇਹ ਬਿੱਲ ਬੀਤੇ ਦਿਨ ਪਾਸ ਕਰ ਚੁਕਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ ਵਿਚ ਸਾਰੀਆਂ ਖੇਤਰੀ ਭਾਸ਼ਾਵਾ ਨੂੰ ਹੱਲਾ-ਸ਼ੇਰੀ ਦੇਣ ਅਤੇ ਉਨ੍ਹਾ ਦੇ ਵਿਕਾਸ ਪ੍ਰਤੀ ਵਚਨਬੱਧ ਹੈ। ਬਿਲ ਪਾਸ ਹੋਣ ਸਮੇਂ ਵਿਰੋਧੀ ਧਿਰ ਦੇ ਕਈ ਦਲ ਸਦਨ ਵਿਚ ਮੌਜੂਦ ਨਹੀਂ ਸਨ। ਰੈੱਡੀ ਨੇ ਅੱਗੇ ਕਿਹਾ ਕਿ ਸਰਕਾਰ ਮੈਂਬਰਾਂ ਦੀਆਂ ਭਾਵਨਾਵਾਂ ਮੁਤਾਬਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਾਰੀਆਂ ਖੇਤਰੀ ਭਾਸ਼ਾਵਾਂ ਦੇ ਵਿਕਾਸ ਲਈ ਵਚਨਬੱਧ ਹੈ। ਇਨ੍ਹਾਂ ਭਾਸ਼ਾਵਾਂ ਦੇ ਵਿਕਾਸ ਦੇ ਸਬੰਧ ਵਿਚ ਬਿਲ 'ਚ ਵੀ ਵਿਵਸਥਾ ਕੀਤੀ ਗਈ ਹੈ। (ਏਜੰਸੀ)