
ਕਾਂਗਰਸ ਅਤੇ 'ਆਪ' ਵੱਲੋਂ ਵਿਰੋਧ ਦਾ ਐਲਾਨ, ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ
ਤਲਵੰਡੀ ਸਾਬੋ - ਖੇਤੀ ਆਰਡੀਨੈਂਸ ਦੇ ਚਲਦੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਖੇਤੀਬਾੜੀ ਸਬੰਧੀ ਆਰਡੀਨੈਂਸ ਵਿਰੁੱਧ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹਿਲੀ ਵਾਰ ਨਤਮਸਤਕ ਹੋਣ ਪਹੁੰਚ ਰਹੇ ਹਰਸਿਮਰਤ ਕੌਰ ਬਾਦਲ ਦੇ ਸਵਾਗਤ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ 'ਚ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ ਹੋ ਗਿਆ ਹੈ।
Sukhbir Badal And Harsimrat Badal
ਅਕਾਲੀ ਵਰਕਰਾਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਖੇਤੀਬਾੜੀ ਸਬੰਧੀ ਆਰਡੀਨੈਂਸਾਂ ਵਿਰੁੱਧ ਜੋ ਵੀ ਅਗਲੇ ਪ੍ਰੋਗਰਾਮ ਦਿੱਤੇ ਜਾਣਗੇ ਉਨ੍ਹਾਂ 'ਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਇਸ ਦੌਰਾਨ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਕਿਸਾਨਾਂ ਦਾ ਸਾਥ ਦੇਣ ਦਾ ਫ਼ੈਸਲਾ ਲਿਆ ਹੈ।
Akali Dal Rally
ਉਹਨਾਂ ਕਿਹਾ ਕਿ ਪਾਰਟੀ ਲਈ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਪਹਿਲਾਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਲਈ ਕਦਮ ਚੁੱਕੇ ਹਨ। ਪਾਰਟੀ ਵਲੋਂ ਜੋ ਵੀ ਪ੍ਰੋਗਰਾਮ ਕਿਸਾਨਾਂ ਦੇ ਹੱਕ 'ਚ ਕੀਤੇ ਜਾਣਗੇ। ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰ ਇਨ੍ਹਾਂ ਪ੍ਰੋਗਰਾਮਾਂ 'ਚ ਵਧ ਚੜ੍ਹ ਕੇ ਹਿੱਸਾ ਪਾਉਣਗੇ।
Akali Dal Rally
ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਬਾਦਲ ਪਰਿਵਾਰ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੇ ਕੀਤੇ ਐਲਾਨ ਕਾਰਨ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ ਪੁਲਿਸ ਅਤੇ ਦੰਗਾ ਰੋਕੂ ਵਾਹਨ ਤੈਨਾਤ ਕੀਤੇ ਗਏ ਹਨ।