
ਬੇਸਹਾਰਾ ਅਤੇ ਲੋੜਵੰਦਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਉੱਘੇ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਦੇ ਨਾਂ 'ਤੇ ਰੱਖਣ ਦੀ ਪ੍ਰਵਾਨਗੀ ਦੇ ਦਿਤੀ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਉਘੇ ਸਮਾਜ ਸੇਵੀ ਭਗਤ ਪੂਰਨ ਸਿੰਘ ਨੂੰ ਨਿਮਰ ਸ਼ਰਧਾਂਜਲੀ ਹੈ, ਜਿਨ੍ਹਾਂ ਅਪਣਾ ਸਮੁੱਚਾ ਜੀਵਨ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਸਮਰਪਤ ਕਰ ਦਿੱਤਾ | ਉਨ੍ਹਾਂ ਕਿਹਾ ਕਿ ਭਗਤ ਜੀ ਨੇ ਅਪਣੇ ਜੀਵਨ ਦੌਰਾਨ ਪਛੜੇ ਵਰਗਾਂ ਦੀ ਨਿਰਸਵਾਰਥ ਸੇਵਾ ਕੀਤੀ ਅਤੇ ਉਨ੍ਹਾਂ ਦੀ ਮਾਨਵਤਾ ਪ੍ਰਤੀ ਸੇਵਾ ਭਾਵਨਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ | ਭਗਵੰਤ ਮਾਨ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਬੇਮਿਸਾਲ ਸੇਵਾ ਨੂੰ ਮਾਨਤਾ ਦਿੰਦਿਆਂ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਪਦਮ ਭਗਤ ਪੂਰਨ ਸਿੰਘ ਦੇ ਨਾਂ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਰੂਹ ਵਲੋਂ ਦਰਸਾਏ ਰਾਹ 'ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੇ ਹਿੱਸੇ ਵਜੋਂ ਹੀ ਸੂਬਾ ਸਰਕਾਰ ਵਲੋਂ 15 ਅਗੱਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਤ ਕੀਤੇ ਜਾ ਚੁਕੇ ਹਨ ਜੋ ਲੋਕਾਂ ਨੂੰ ਮੁਫਤ ਮਿਆਰੀ ਇਲਾਜ ਮੁਹਈਆ ਕਰਵਾਇਆ ਜਾ ਸਕੇ | ਭਗਵੰਤ ਮਾਨ ਨੇ ਦਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਲੋਕਾਂ ਨੂੰ 100 ਦੇ ਕਰੀਬ ਕਲੀਨੀਕਲ ਟੈਸਟਾਂ ਦੇ ਨਾਲ 41 ਸਿਹਤ ਟੈਸਟ ਮੁਫ਼ਤ ਮੁਹਈਆ ਕਰਵਾਉਣ ਦੀ ਤਜਵੀਜ਼ ਰੱਖੀ ਗਈ ਹੈ | ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਕਲੀਨਿਕ ਪੰਜਾਬ ਵਿਚ ਸਿਹਤ ਸੰਭਾਲ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਲਈ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਨਵਾਂ ਰੂਪ ਦਿਤਾ ਜਾ ਰਿਹਾ ਹੈ |
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਗਤ ਪੂਰਨ ਸਿੰਘ ਦੀ ਨਿਰਸਵਾਰਥ ਅਤੇ ਨਿਮਰਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖਣ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ |