
Chandigarh News : ਟ੍ਰੇਨਿੰਗ ਲਈ ਜਾਣ ਦੇ ਇੱਛੁਕ ਪ੍ਰਾਇਮਰੀ ਅਧਿਆਪਕ ਅੱਜ ਤੋਂ ਕਰ ਸਕਣਗੇ ਆਨਲਾਈਨ ਅਪਲਾਈ
Chandigarh News : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।
ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇੱਛੁਕ ਅਧਿਆਪਕ ਅੱਜ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।
(For more news apart from 72 teachers of government primary schools of Punjab will go for training in Finland: Harjot Singh Bains News in Punjabi, stay tuned to Rozana Spokesman)