ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ
Published : Nov 24, 2025, 8:42 pm IST
Updated : Nov 24, 2025, 8:42 pm IST
SHARE ARTICLE
The Punjab Vidhan Sabha, led by the Chief Minister, declared all the three Takht Sahib cities of Punjab as holy cities.
The Punjab Vidhan Sabha, led by the Chief Minister, declared all the three Takht Sahib cities of Punjab as holy cities.

ਇਨ੍ਹਾਂ ਸ਼ਹਿਰਾਂ ਵਿੱਚ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੋਵੇਗੀ

ਸ੍ਰੀ ਅਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਵਾਨ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ ਜਿਨ੍ਹਾਂ ਵਿੱਚੋਂ ਤਿੰਨ ਤਖ਼ਤ ਸਾਹਿਬਾਨ- ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥੀਂ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਸਾਇਆ। ਦੱਸਣਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸ਼ਹਿਰ ਵਸਾਉਣ ਲਈ ਜ਼ਮੀਨ ਖਰੀਦੀ ਅਤੇ ਗੁਰੂ ਸਾਹਿਬ ਦੇ ਇਕਲੌਤੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਪਵਿੱਤਰ ਧਰਤੀ 'ਤੇ ਲਗਭਗ ਤੀਹ ਸਾਲ ਰਹੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸੇ ਪਵਿੱਤਰ ਧਰਤੀ 'ਤੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਲੜਨ ਅਤੇ ਕੌਮ ਦੀ ਰੱਖਿਆ ਲਈ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਇੱਥੇ ਹੀ ਹੋਇਆ, ਜਿਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿੱਚ ਸਥਾਈ ਤੌਰ 'ਤੇ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨਿਆ ਹੈ।
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਨਹੀਂ ਹਨ, ਸਗੋਂ ਸਾਡੀ ਸੱਭਿਅਆਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਇਸ ਲਈ ਇਹ ਮੰਗ ਕਿਸੇ ਇੱਕ ਰਾਜਨੀਤਿਕ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਮਹਿਦੂਦ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਸ ਦੇ ਆਲਮੀ ਪਾਸਾਰ ਵੱਲ ਜ਼ਰੂਰੀ ਕਦਮ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਬਾਰੇ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਬ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ, ਸਾਫ਼-ਸਫ਼ਾਈ ਤੇ ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ ਲਈ ਸਮਰਪਿਤ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਉਪਬੰਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਤੋਂ ਫੰਡ ਵੀ ਮੰਗੇ ਜਾਣਗੇ ਕਿਉਂਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹਿਰਾਂ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਅਤਿ ਜ਼ਰੂਰੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ ‘ਤੇ ਮਨਾਉਣ ਲਈ ਸੂਬੇ ਭਰ ਵਿੱਚ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹਾਂ ਸਮਾਗਮਾਂ ਨੂੰ ਹੀ ਸਮਰਪਿਤ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਰਵਉੱਚ ਅਤੇ ਅਦੁੱਤੀ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰਾਖੀ ਲਈ ਸ਼ਹੀਦੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲਿਦਾਨ ਦੇ ਕੇ ਦੁਨੀਆ ਲਈ ਮਿਸਾਲ ਕਾਇਮ ਕੀਤੀ ।
ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਨੁੱਖਤਾ ਦੀ ਭਲਾਈ ਅਤੇ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰ ਸਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਸਥਾਨਾਂ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement