
ਕਿਸਾਨ ਵਿਰੋਧੀਆਂ ਦੀ ‘ਆਪ’ ਨੇ ਕੀਤੀ ਨਿਪੇਖੀ
ਚੰਡੀਗੜ੍ਹ, 23 ਦਸੰਬਰ (ਸੁਰਜੀਤ ਸਿੰਘ ਸੱਤੀ): ਅਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਪ੍ਰਤੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਆਗੂਆਂ ਅਤੇ ਹੋਰਨਾਂ ਵਲੋਂ ਕੀਤੀਆਂ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਨੋਟਿਸ ਲੈਂਦੇ ਹੋਏ ਨਿਖੇਧੀ ਕੀਤੀ। ਕਿਸਾਨਾਂ ਪ੍ਰਤੀ ਕੂੜ ਪ੍ਰਚਾਰ ਕਰਨ ਵਾਲਿਆਂ ਵਿਰੁਧ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਅਦਾਲਤ ਵਿਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ।ਇਸ ਸੰਬੰਧੀ ਕਿਸਾਨਾਂ ਵਲੋਂ ਆਮ ਆਦਮੀ ਪਾਰਟੀ ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਵਿਰੁਧ ਗ਼ਲਤ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਅਤੇ ਵਿਅਕਤੀਆਂ ਵਿਰੁਧ ਮਾਨਹਾਨੀ ਦੀ ਕਾਰਵਾਈ ਕਰਨ ਵਿਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਕੀਤੇ ਕੁੜ ਪ੍ਰਚਾਰ ਨੂੰ ਸੁਣਕੇ ਕਿਸਾਨਾਂ ਦੇ ਮਨਾਂ ਉੱਤੇ ਕੀ ਬੀਤਦੀ ਹੋਵੇਗੀ ਜੋ ਕੜਾਕੇ ਦੀ ਠੰਢ ਵਿਚ ਖੁੱਲ੍ਹੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਅਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫ਼ੋਨ ਆ ਰਹੇ ਸਨ ਤਾਂ ਪਾਰਟੀ ਨੇ ਫ਼ੈਸਲਾ ਕੀਤਾ ਹੈ। ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ ਵਿਚ ਕਿਸਾਨਾਂ ਨਾਲ ਡੱਟੀ ਹੋਈ ਹੈ, ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁਧ ਝੂਠੀ ਅਤੇ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾਕਿ ਇਸ ਸਬੰਧੀ ਆਮ ਆਦਮੀ ਪਾਰਟੀ ਅਪਣੇ ਪੱਧਰ ਉਤੇ ਪਾਰਟੀ ਦੇ ਵਕੀਲ ਸਾਥੀਆਂ ਨਾਲ ਸਲਾਹ ਮਸ਼ਵਰਾ ਕਰ ਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।