
ਇੰਜ: ਬਲਦੇਵ ਸਿੰਘ ਸਰਾਂ ਨੇ ਪਾਵਰਕਾਮ ਦੇ ਸੀ.ਐਮ.ਡੀ. ਦਾ ਅਹੁਦਾ ਸੰਭਾਲਿਆ
ਪਟਿਆਲਾ, 23 ਦਸੰਬਰ (ਸਸਸ) : ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇੰਜ: ਬਲਦੇਵ ਸਿੰਘ ਸਰਾਂ ਨੇ ਬਿਜਲੀ ਦੇ ਖੇਤਰ ’ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਵਜੋਂ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਇੰਜ. ਸਰਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਵਜੋਂ ਸੇਵਾਵਾਂ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਇੰਜ: ਬਲਦੇਵ ਸਿੰਘ ਸਰਾਂ ਦੇ ਅਹੁਦਾ ਸੰਭਾਲਣ ਮੌਕੇ ਅੱਜ ਇਥੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ ਉਪ-ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਇੰਜ: ਬਲਦੇਵ ਸਿੰਘ ਸਰਾਂ ਨੇ ਲੰਮਾ ਸਮਾਂ ਬਿਜਲੀ ਵਿਭਾਗ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ ਹੈ ਤੇ ਉਹ ਬਿਜਲੀ ਖੇਤਰ ਦੀਆਂ ਬਾਰੀਕੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇੰਜ: ਸਰਾਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ।
ਨਵ-ਨਿਯੁਕਤ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਧਨਵਾਦ ਕਰਦਿਆਂ ਕਿਹਾ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ, ਭਰੋਸੇਮੰਦ ਅਤੇ ਸਸਤੀ ਬਿਜਲੀ ਮੁਹਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਰਹਿਣਗੇ।
ਫੋਟੋ ਨੰ 23ਪੀਏਟੀ. 19
ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਵ-ਨਿਯੁਕਤ ਸੀ. ਐਮ. ਡੀ. ਇੰਜ. ਬਲਦੇਵ
ਸਿੰਘ ਸਰਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।