
ਗ਼ੈਰ ਕਾਨੂੰਨੀ ਖਣਨ ਸਬੰਧੀ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ, ਚੰਨੀ ਵਿਰੁਧ ਐਫ਼.ਆਈ.ਆਰ ਦਰਜ ਕਰਨ ਦੀ ਮੰਗ
ਚੰਡੀਗੜ੍ਹ, 24 ਜਨਵਰੀ (ਭੁੱਲਰ) : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ’ਚ ਪਾਰਟੀ ਦੇ ਵਫ਼ਦ ਵਲੋਂ ਗ਼ੈਰ ਕਾਨੂੰਨੀ ਖਣਨ ਨੂੰ ਲੈ ਕੇ ਸੋਮਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਕਰਦਿਆਂ ਕਿਹਾ ਕਿ ਗ਼ੈਰ ਕਾਨੂੰਨੀ ਖਣਨ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁਧ ਐਫ਼. ਆਈ. ਆਰ. ਦਰਜ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਲੈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ’ਚ ਆਮ ਆਦਮੀ ਪਾਰਟੀ ਵਲੋਂ ਗ਼ੈਰ ਕਾਨੂੰਨੀ ਖਣਨ ਦਾ ਪਰਦਾਫ਼ਾਸ਼ ਕੀਤਾ ਗਿਆ ਸੀ। ਰਾਘਵ ਚੱਢਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਇਸ ਗੱਲ ਨੂੰ ਕਬੂਲਿਆ ਗਿਆ ਸੀ ਕਿ ਮੁੱਖ ਮੰਤਰੀ ਚੰਨੀ ਗ਼ੈਰ ਕਾਨੂੰਨੀ ਰੇਤ ਮਾਫ਼ੀਆ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਤੱਥਾਂ ਤੋਂ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਗ਼ੈਰ ਕਾਨੂੰਨੀ ਖਣਨ ’ਚ ਖ਼ੁਦ ਸੂਬੇ ਦੇ ਮੁੱਖ ਮੰਤਰੀ ਸ਼ਾਮਲ ਹਨ ਅਤੇ ਉਸੇ ਸਮੇਂ ਇਸ ਦੀ ਨਿਰਪੱਖ ਜਾਂਚ ਹੋ ਸਕਦੀ ਹੈ, ਜੇਕਰ ਰਾਜਪਾਲ ਖ਼ੁਦ ਇਸ ਮਾਮਲੇ ਵਲ ਧਿਆਨ ਦੇਣ।
ਇਸ ਮੌਕੇ ਰਾਘਵ ਚੱਢਾ ਵਲੋਂ ਕਾਂਗਰਸ ਹਾਈਕਮਾਨ ’ਤੇ ਵੀ ਸਵਾਲ ਚੁਕੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਪਤਾ ਹੈ ਕਿ ਚਰਨਜੀਤ ਸਿੰਘ ਚੰਨੀ ਗ਼ੈਰ ਕਾਨੂੰਨੀ ਖਣਨ ’ਚ ਸ਼ਾਮਲ ਹਨ, ਫਿਰ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਗ਼ੈਰ ਕਾਨੂੰਨੀ ਖਣਨ ਦਾ ਪੈਸਾ ਕਾਂਗਰਸ ਹਾਈਕਮਾਨ ਤਕ ਵੀ ਜਾਂਦਾ ਹੈ ਅਤੇ ਈ. ਡੀ. ਦੀ ਛਾਪੇਮਾਰੀ ਤੋਂ ਬਾਅਦ ਵੀ ਮੁੱਖ ਮੰਤਰੀ ਚੰਨੀ ਨੂੰ ਹਟਾਇਆ ਨਹੀਂ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉਪਰ ਨਹੀਂ ਹਨ ਅਤੇ ਕਾਨੂੰਨ ਸੱਭ ਲਈ ਬਰਾਬਰ ਹੈ।